- ਡਿਪਟੀ ਕਮਿਸ਼ਨਰ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਆਪਣੇ ਬਲਾਕ ਵਿੱਚ ਰਜਿਸਟਰੇਸ਼ਨ ਤੇ ਰੋਜ਼ਗਾਰ ਕੈਂਪ ਲਗਾਉਣ ਦੀ ਹਦਾਇਤ
ਫ਼ਤਹਿਗੜ੍ਹ ਸਾਹਿਬ, 4 ਜੁਲਾਈ:
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਨੂੰ ਸਮਾਜ ਅੰਦਰ ਮੁੜ ਤੋਂ ਚੰਗੇ ਨਾਗਰਿਕ ਵਜੋਂ ਜੀਵਨ ਬਤੀਤ ਕਰਨ ਦਾ ਮੌਕਾ ਪ੍ਰਦਾਨ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ ਕਿਉਂਕਿ ਨਸ਼ਿਆਂ ਤੋਂ ਛੁਟਕਾਰਾ ਪਾ ਰਹੇ ਵਿਅਕਤੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਵਿੱਚ ਜੇਰੇ ਇਲਾਜ ਨੌਜਵਾਨਾਂ ਨੂੰ ਆਪਣੇ ਪੈਰ੍ਹਾਂ ਤੇ ਖੜ੍ਹਾ ਕਰਨ ਲਈ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਨਵੇਂ ਕਿੱਤਾ ਮੁਖੀ ਕੋਰਸਾਂ ਦੀ ਸ਼ੁਰੂਆਤ ਕੀਤੀ ਜਾਵੇ ਤਾਂ ਜੋ ਨਸ਼ਿਆਂ ਤੋਂ ਛੁਟਕਾਰਾ ਪਾ ਰਹੇ ਨੌਜਵਾਨ ਰੋਜ਼ਗਾਰ ਹਾਸਲ ਕਰ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਿਹਤ ਵਿਭਾਗ ਤੇ ਆਰ ਸੇਟੀ ਦੇ ਸਹਿਯੋਗ ਨਾਲ ਬ੍ਰਾਹਮਣ ਮਾਜਰਾ ਵਿਖੇ ਸਥਿਤ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਜੇਰੇ ਇਲਾਜ ਵਿਅਕਤੀਆਂ ਲਈ ਫਾਸਟ ਫੂਡ ਤਿਆਰ ਕਰਨ ਦੀ ਸਿਖਲਾਈ ਦੇਣ ਵਾਸਤੇ 7 ਜੁਲਾਈ ਨੂੰ ਸ਼ੁਰੂ ਕੀਤੇ ਜਾ ਰਹੇ ਕੋਰਸ ਸਬੰਧੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਇਸ ਰੋਜ਼ਗਾਰ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਵੈ ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਵੀ ਨਸ਼ਿਆਂ ਨੂੰ ਛੱਡ ਰਹੇ ਨੌਜਵਾਨਾਂ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਸ਼ੁਰੂ ਕਰਨ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਡਾ: ਸੋਨਾ ਥਿੰਦ ਨੇ ਜ਼ਿਲ੍ਹੇ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਨੂੰ ਕਿਹਾ ਕਿ ਆਪੋ ਆਪਣੇ ਬਲਾਕ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨਾਲ ਤਾਲਮੇਲ ਕਰਕੇ ਰਜਿਸਟ੍ਰੇਸ਼ਨ ਕੈਂਪ ਤੇ ਰੋਜ਼ਗਾਰ ਕੈਂਪ ਲਗਾਏ ਜਾਣ ਤਾਂ ਜੋ ਵਿਦਿਅਕ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਸਵੈ ਰੋਜ਼ਗਾਰ ਨਾਲ ਜੁੜੇ ਵਿਭਾਗਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਵੈ ਰੋਜ਼ਗਾਰ ਸਕੀਮਾਂ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।
ਮੀਟਿੰਗ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਗਏ ਵੱਖ-ਵੱਖ ਰੋਜ਼ਗਾਰ ਮੇਲਿਆਂ ਵਿੱਚ 684 ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸ਼ਾਰਟ ਲਿਸਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੀ.ਜੀ.ਆਰ.ਕੇ.ਏ.ਐਮ. ਪੋਰਟਲ ਤੇ 1278 ਪ੍ਰਾਰਥੀਆਂ ਦੀ ਰਜਿਸਟਰੇਸ਼ਨ ਵੀ ਕੀਤੀ ਗਈ ਹੈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜ਼ਿਲ੍ਹਾ ਲੀਡ ਮੈਨੇਜਰ ਮੁਕੇਸ਼ ਸੈਣੀ, ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਜ਼ਿਲ੍ਹਾ ਮੈਨੇਜਰ ਮੁਕੇਸ਼ ਕੁਮਾਰ, ਪਲੇਸਮੈਂਟ ਅਫਸਰ ਜਸਵਿੰਦਰ ਸਿੰਘ, ਹਰਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।