ਪਿੰਡਾਂ ਦੇ ਪਹਿਰੇਦਾਰ ਨਸ਼ਾ ਪੀੜਤਾਂ ਨੂੰ ਇਲਾਜ ਕਰਵਾਉਣ ਲਈ ਨਿਰੰਤਰ ਪ੍ਰੇਰਿਤ ਕਰਨ: ਰੁਪਿੰਦਰ ਸਿੰਘ ਹੈਪੀ
ਨਸ਼ਾ ਮੁਕਤੀ ਯਾਤਰਾ ਦੌਰਾਨ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ
ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, 23 ਜੁਲਾਈ:
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੇ ਕਾਰੋਬਾਰੀਆਂ ਦੀ ਸੂਚਨਾ ਪੁਲਿਸ ਨੂੰ ਦੇਣ ਸਬੰਧੀ ਕਰਵਾਏ ਜਾ ਰਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਲੜੀ ਵਿੱਚ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਰਸੂਲਪੁਰ, ਗੁਣੀਆਂ ਮਾਜਰਾ, ਗੋਪਾਲੋਂ, ਕੋਟਲਾ, ਖੇੜੀ ਭਾਈ ਕੀ ਅਤੇ ਪਿੰਡ ਜੈ ਸਿੰਘ ਵਾਲਾ ਵਿਖੇ ਨਸ਼ਾ ਮੁਕਤੀ ਯਾਤਰਾ ਅਧੀਨ ਪਿੰਡਾਂ ਦੀਆਂ ਦਿਹਾਤੀ ਰੱਖਿਆ ਕਮੇਟੀਆਂ ਤੇ ਪਿੰਡਾਂ ਦੇ ਲੋਕਾਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ।

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੇ ਮਿਲ ਰਹੇ ਸਹਿਯੋਗ ਸਦਕਾ ਇਹ ਮੁਹਿੰਮ ਆਪਣੇ ਫੈਸਲਾਕੁੰਨ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਛੇਤੀ ਹੀ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡਾਂ ਦੇ ਪਹਿਰੇਦਾਰਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਵਿਅਕਤੀਆਂ ਨੂੰ ਇਲਾਜ ਲਈ ਸਰਕਾਰੀ ਨਸ਼ਾ ਛੁਡਾਉ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਲਿਆਉਣ ਲਈ ਉਦਮ ਕੀਤੇ ਜਾਣ ਜਿਥੇ ਮਨੋਰੋਗ ਮਾਹਰ ਅਜਿਹੇ ਵਿਅਕਤੀਆਂ ਨੂੰ ਸਿਹਤਯਾਬ ਕਰਨ ਲਈ ਸੇਵਾਵਾਂ ਪ੍ਰਦਾਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਨਸ਼ਾ ਪੀੜਤਾਂ ਨੂੰ ਨਸ਼ਾ ਛੱਡਣ ਲਈ ਨਿਰੰਤਰ ਪ੍ਰੇਰਿਤ ਕਰਨਾ ਸਮੇਂ ਦੀ ਅਹਿਮ ਲੋੜ ਹੈ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਵੀ ਦਿਵਾਇਆ।