ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਕਿੱਤਾ ਮੁਖੀ ਕੋਰਸ ਦੀ ਸਿਖਲਾਈ ਦਿੱਤੀ
ਏਡੀਸੀ ਸੁਰਿੰਦਰ ਸਿੰਘ ਧਾਲੀਵਾਲ ਨੇ ਕੋਰਸ ਕਰਨ ਵਾਲਿਆਂ ਨੂੰ ਸਰਟੀਫਿਕੇਟ ਵੰਡੇ
ਫ਼ਤਹਿਗੜ੍ਹ ਸਾਹਿਬ, 19 ਜੁਲਾਈ :
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ” ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਉਥੇ ਹੀ ਨਸ਼ਿਆਂ ਦਾ ਤਿਆਗ ਕਰਨ ਵਾਲਿਆਂ ਨੂੰ ਸਮਾਜ ਅੰਦਰ ਮੁੜ ਤੋਂ ਬਿਹਤਰ ਜਿੰਦਗੀ ਬਤੀਤ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਬ੍ਰਾਹਮਣ ਮਾਜਰਾ ਵਿਖੇ ਨਸ਼ੇ ਦਾ ਤਿਆਗ ਕਰਨ ਵਾਲੇ ਵਿਅਕਤੀਆਂ ਨੂੰ ਕਿੱਤਾ ਮੁਖੀ ਕੋਰਸ ਦੇ ਸਰਟੀਫਿਕੇਟ ਵੰਡਣ ਮੌਕੇ ਕੀਤਾ।
ਸ. ਧਾਲੀਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਹੇਠ ਬ੍ਰਾਹਮਣ ਮਾਜਰਾ ਦੇ ਮੁੜ ਵਸੇਬਾ ਕੇਂਦਰ ਵਿਖੇ ਸਟੇਟ ਬੈਂਕ ਆਫ ਇੰਡੀਆ ਦੀ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਆਰਸੇਟੀ ਵੱਲੋਂ “ਫਾਸਟ ਫੂਡ ਸਟਾਲ ਆਪਰੇਟਰ” ਨਾਮਕ ਵਿਸ਼ੇਸ਼ ਹੁਨਰ ਸਿਖਲਾਈ ਕੋਰਸ ਚਲਾਇਆ ਗਿਆ। ਇਹ ਸਿਖਲਾਈ ਕੋਰਸ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਚਲਾਇਆ ਗਿਆ ਜਿਸ ਵਿੱਚ ਇਨ੍ਹਾਂ ਵਿਅਕਤੀਆਂ ਨੂੰ 12 ਦਿਨ ਸਿਖਲਾਈ ਦਿੱਤੀ ਗਈ।
ਏ.ਡੀ.ਸੀ ਧਾਲੀਵਾਲ ਨੇ ਦੱਸਿਆ ਕਿ ਇਸ ਕੋਰਸ ਦਾ ਉਦੇਸ਼, ਨਸ਼ਾ ਪੀੜਤ ਵਿਅਕਤੀਆਂ ਨੂੰ ਜੀਵਨ ਵਿਚ ਨਵੀਂ ਸ਼ੁਰੂਆਤ ਲਈ ਤਿਆਰ ਕਰਨਾ ਅਤੇ ਰੋਜ਼ਗਾਰ ਯੋਗ ਬਣਾਉਣਾ ਸੀ। ਉਨ੍ਹਾਂ ਨੇ ਸਿਖਿਆਰਥੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਸਰਟੀਫਿਕੇਟ ਵੰਡੇ। ਏਡੀਸੀ ਨੇ ਜੇਰੇ ਇਲਾਜ ਵਿਅਕਤੀਆਂ ਨੂੰ ਤੰਦਰੁਸਤ ਹੋਣ ਮਗਰੋਂ ਸਰਕਾਰੀ ਸਕੀਮਾਂ ਦਾ ਲਾਭ ਲੈਂਦੇ ਹੋਏ ਜੀਵਨ ਵਿੱਚ ਨਵਾਂ ਅਧਿਆਇ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਮੁਕੇਸ਼ ਕੁਮਾਰ ਸੈਣੀ, ਜ਼ਿਲ੍ਹਾ ਪਲੇਸਮੈਂਟ ਅਫਸਰ ਜਸਵਿੰਦਰ ਸਿੰਘ, ਕੈਰੀਅਰ ਕੌਂਸਲਰ ਹਰਮਨਦੀਪ ਸਿੰਘ, ਜ਼ਿਲ੍ਹਾ ਹੁਨਰ ਵਿਕਾਸ ਮੈਨੇਜਰ ਮੁਕੇਸ਼ ਕੁਮਾਰ, ਜ਼ਿਲ੍ਹਾ ਥੀਮੈਟਿਕ ਐਕਸਪਰਟ ਅਮਰਿੰਦਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।