31 ਜੁਲਾਈ ਤੱਕ ਗਿੱਲੇ ਤੇ ਸੁੱਕੇ ਕੂੜੇ ਦੀ 100 ਫੀਸਦੀ ਸੈਗਰੀਗੇਸ਼ਨ ਯਕੀਨੀ ਬਣਾਈ ਜਾਵੇ: ਏ.ਡੀ.ਸੀ. ਹਰਪ੍ਰੀਤ ਸਿੰਘ
- ਕੂੜੇ ਦੇ ਡੰਪ ਦੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਆਦੇਸ਼
*ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵੱਲੋ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਹਦਾਇਤਾਂ ਜਾਰੀ
ਫ਼ਤਹਿਗੜ੍ਹ ਸਾਹਿਬ, 24 ਜੁਲਾਈ:
ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਸਬੰਧੀ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਅਧੀਨ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ 5.33 ਕਰੋੜ ਰੁਪਏ ਖਰਚ ਕੇ ਵੱਖ-ਵੱਖ ਗਤੀਵਿਧੀਆਂ ਤੇ ਖਰਚ ਕੀਤੇ ਗਏ ਹਨ ਅਤੇ ਮਸ਼ੀਨਾਂ ਨਾਲ ਸੜਕਾਂ ਦੀ ਸਫਾਈ ਲਈ 2.70 ਕਰੋੜ ਰੁਪਏ ਖਰਚ ਕੇ ਸਵੀਪਿੰਗ ਮਸ਼ੀਨਾਂ ਤੇ ਡਸਟ ਕੰਟਰੋਲ ਆਦਿ ਦੀ ਖਰੀਦ ਕੀਤੀ ਗਈ ਹੈ।
ਸ਼੍ਰੀ ਹਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਆਦੇਸ਼ ਦਿੱਤੇ ਕਿ 31 ਜੁਲਾਈ ਤੱਕ ਗਿੱਲ੍ਹੇ ਤੇ ਸੁੱਕੇ ਕੂੜੇ ਦੀ ਸੈਗਰੀਗੇਸ਼ਨ ਯਕੀਨੀ ਬਣਾਈ ਜਾਵੇ ਅਤੇ ਜ਼ਿਲ੍ਹੇ ਵਿੱਚ ਪੈਂਦੇ ਕੂੜੇ ਦੇ ਡੰਪਾਂ ਦੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਵਾਤਾਵਰਣ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲੇ ਵਾਹਨਾਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ ਅਤੇ ਚਲਾਨ ਕਰਨ ਲਈ ਲੋੜੀਂਦੇ ਯੰਤਰ ਵੀ ਲਏ ਜਾਣ ਤਾਂ ਜੋ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲੇ ਵਾਹਨਾਂ ਨੂੰ ਠੱਲ ਪਾਈ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀ ਗੋਬਿੰਦਗੜ੍ਹ ਦੇ ਇੰਡਸਟਰੀਅਲ ਏਰੀਏ ਵਿੱਚ ਪੈਂਦੇ ਫੋਕਲ ਪੁਆਂਇੰਟ ਨੂੰ ਜਾਣ ਵਾਲੀਆਂ ਸੜ੍ਹਕਾਂ ਦੀ ਮੁਰੰਮਤ ਕਰਵਾਈ ਜਾਵੇ । ਉਨ੍ਹਾਂ ਨੈਸ਼ਨਲ ਹਾਈਵੇਅ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੜ੍ਹਕਾਂ ਬਣਾਉਣ ਤੇ ਮੁਰੰਮਤ ਕਰਨ ਸਮੇਂ ਪਲਾਸਟਿਕ ਵੇਸਟ ਦੀ ਵਰਤੋਂ ਕਰਨ ਅਤੇ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਸੜ੍ਹਕਾਂ ਕਿਨਾਰੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਵੀ ਕਿਹਾ।
ਮੀਟਿੰਗ ਵਿੱਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਐਸ.ਡੀ.ਓ. ਪ੍ਰਿਤਪਾਲ ਕੌਰ ਤੇ ਮਲਕੀਤ ਸਿੰਘ, ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਕਾਰਜ ਸਾਧਕ ਅਫਸਰ ਚੇਤਨ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ।