ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸੁਧਾਰ ਘਰਾਂ (ਜੇਲ੍ਹਾਂ) ਵਿੱਚ ਮਾਨਸਿਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰਾਂ ਨੂੰ ਭਾਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੈਦੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਪਹਿਲਕਦਮੀ ਜੇਲ੍ਹ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਨੂੰ ਵਿਆਪਕ ਸਹਾਇਤਾ ਪ੍ਰਦਾਨ ਕਰਨ, ਜਿਸ ਵਿੱਚ ਮਹੱਤਵਪੂਰਨ ਮਾਨਸਿਕ ਸਿਹਤ ਸੇਵਾਵਾਂ ਸ਼ਾਮਲ ਹਨ, ਪ੍ਰਤੀ ਰਾਜ ਸਰਕਾਰ ਦੇ ਸਮਰਪਣ ਨੂੰ ਦਰਸਾਉਂਦੀ ਹੈ।

ਹੋਰ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਲ੍ਹ ਵਿਭਾਗ ਪੂਰੀ ਤਰ੍ਹਾਂ ਪਾਰਦਰਸ਼ੀ ਆਊਟਸੋਰਸਿੰਗ ਪ੍ਰਕਿਰਿਆ ਰਾਹੀਂ ਇਨ੍ਹਾਂ 60 ਮਨੋਵਿਗਿਆਨੀ ਸਲਾਹਕਾਰਾਂ ਦੀ ਭਰਤੀ ਕਰੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਕੈਦੀਆਂ ਨੂੰ ਉਪਲਬਧ ਮਨੋਵਿਗਿਆਨਕ ਸਹਾਇਤਾ ਵਿੱਚ ਵਾਧਾ ਹੋਣ ਦੀ ਉਮੀਦ ਹੈ, ਜੋ ਉਨ੍ਹਾਂ ਦੇ ਮੁੜ ਵਸੇਬੇ ਅਤੇ ਸਮੁੱਚੀ ਭਲਾਈ ਦੇ ਇੱਕ ਅਹਿਮ ਪਹਿਲੂ ਨੂੰ ਸੰਬੋਧਿਤ ਕਰੇਗਾ।