ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੂੰ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਦਾ ਉਮੀਦਵਾਰ ਬਣਾਉਣ ਦੀ ਮੰਗ ਦਿਨੋ-ਦਿਨ ਜ਼ੋਰ ਫੜ ਰਹੀ ਹੈ। ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ, ਇਲਾਕਿਆਂ ਅਤੇ ਜੱਥੇਬੰਦੀਆਂ ਵੱਲੋਂ ਇੱਕੋ ਆਵਾਜ਼ ਵਿੱਚ ਸ. ਬਰਸਟ ਨੂੰ ਸਮਾਣਾ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਾਉਣ ਲਈ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿੱਖ ਕੇ ਮੰਗ ਕੀਤੀ ਗਈ ਹੈ।
ਇਸ ਸਬੰਧੀ 80 ਫੀਸਦ ਗ੍ਰਾਮ ਪੰਚਾਇਤਾਂ ਨੇ ਸ. ਹਰਚੰਦ ਸਿੰਘ ਬਰਸਟ ਦੇ ਹੱਕ ਵਿੱਚ ਹੁੰਗਾਰ ਭਰ ਦਿੱਤੀ ਹੈ। ਸਮਾਣਾ ਦੀਆਂ 152 ਗ੍ਰਾਮ ਪੰਚਾਇਤਾਂ ਵਿੱਚੋਂ 123 ਗ੍ਰਾਮ ਪੰਚਾਇਤਾਂ ਵੱਲੋਂ ਸ. ਹਰਚੰਦ ਸਿੰਘ ਬਰਸਟ ਨੂੰ ਆਪ ਉਮੀਦਵਾਰ ਐਲਾਨਣ ਲਈ ਮਤੇ ਪਾਸ ਕਰਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਇਸਦੇ ਨਾਲ ਹੀ ਸਮਾਣਾ ਬਾਰ ਐਸੋਸੀਏਸ਼ਨ, ਕਿਸਾਨ ਯੂਨੀਅਨਾਂ, ਆੜ੍ਹਤੀ ਐਸੋਸੀਏਸ਼ਨਾਂ, ਐਂਟੀ ਕਰੱਪਸ਼ਨ ਫਾਊਂਡੇਸ਼ਨ ਆਫ ਇੰਡੀਆ ਸਮੇਤ ਸਮਾਜਿਕ ਸੰਸਥਾਵਾਂ, ਟਰੇਡ ਯੂਨੀਅਨਾਂ ਅਤੇ ਹੋਰ ਵੱਖ-ਵੱਖ ਜੱਥੇਬੰਦੀਆਂ ਨੇ ਵੀ ਪੱਤਰ ਰਾਹੀਂ ਸ. ਹਰਚੰਦ ਸਿੰਘ ਬਰਸਟ ਨੂੰ ਪਾਰਟੀ ਦਾ ਉਮੀਦਵਾਰ ਬਣਾਉਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਟੀਮ ਹਲਕਾ ਸਮਾਣਾ ਦੇ ਸਾਰੇ ਬਲਾਕ ਪ੍ਰਧਾਨਾਂ, ਸਮਾਣਾ ਦੇ 22 ਵਿੱਚੋਂ 22 ਬਲਾਕ ਪ੍ਰਧਾਨਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਜੱਥੇਬੰਦੀਆਂ ਵਿੱਚੋਂ 90 ਫ਼ੀਸਦ ਵੱਲੋਂ ਸ. ਹਰਚੰਦ ਸਿੰਘ ਬਰਸਟ ਨੂੰ ਉਮੀਦਵਾਰ ਬਣਾਉਣ ਦੀ ਮੰਗ ਕੀਤੀ ਗਈ ਹੈ।
ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਸ. ਹਰਚੰਦ ਸਿੰਘ ਬਰਸਟ ਸਾਲ 2016 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਹਰ ਸਮੇਂ ਪਾਰਟੀ ਦੇ ਨਾਲ ਪੂਰੀ ਦ੍ਰਿੜ੍ਹਤਾ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਮੌਜੂਦਾ ਸਮੇਂ ਵਿੱਚ ਉਹ ਪਾਰਟੀ ਦੇ ਸੂਬਾ ਜਨਰਲ ਸਕੱਤਰ, ਬੁਲਾਰੇ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ।
ਨੁਮਾਇੰਦਿਆਂ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਸ. ਹਰਚੰਦ ਸਿੰਘ ਬਰਸਟ ਨੇ ਸੂਬੇ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਅਤੇ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਬਹੁਤ ਹੀ ਸੁਚੱਜੇ ਢੰਗ ਨਾਲ ਕੰਮ ਕੀਤਾ ਹੈ। ਉਨ੍ਹਾਂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸਮਾਣਾ ਵਿੱਚ ਵੀ ਸੜਕਾਂ ਅਤੇ ਮੰਡੀਆਂ ਦਾ ਵਿਕਾਸ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਹਲਕੇ ਵਿੱਚ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਬਿਹਤਰ ਸਹੂਲਤਾਂ ਮਿਲ ਸਕਣ ਅਤੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਹਲਕਾ ਸਮਾਣਾ ਦੀਆਂ ਮੰਡੀਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਹਾਲ ਹੀ ਵਿੱਚ ਸਬਜ਼ੀ ਮੰਡੀ, ਸਮਾਣਾ ਵਿਖੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਸਟੀਲ ਕਵਰ ਸ਼ੈੱਡ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਮੰਡੀ ਦੀ ਅੰਦਰੂਨੀ ਸੜਕਾਂ ਦਾ ਨਿਰਮਾਣ ਵੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਮੰਡੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਅਤੇ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਮਾਣਾ ਮੰਡੀ ਵਿਖੇ ਰੂਫਟਾਪ ਸੋਲਰ ਪਾਵਰ ਪਲਾਂਟ ਲਗਾਉਣ ਦਾ ਪ੍ਰੋਜੈਕਟ ਵੀ ਚੱਲ ਰਿਹਾ ਹੈ।
ਸ. ਹਰਚੰਦ ਸਿੰਘ ਬਰਸਟ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜਰ ਰਹਿੰਦੇ ਹਨ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਉਹਨਾਂ ਦੇ ਨਾਲ ਖੜ੍ਹੇ ਹੁੰਦੇ ਹਨ। ਉਹਨਾਂ ਤੱਕ ਆਪਣੀ ਗੱਲ ਪਹੁੰਚਾਉਣਾ ਆਸਾਨ ਹੈ। ਲੋਕ ਕਿਸੇ ਵੀ ਕੰਮ, ਸਮੱਸਿਆ ਜਾਂ ਮੁੱਦੇ ਸਬੰਧੀ ਸ. ਬਰਸਟ ਨੂੰ ਮਿਲ ਸਕਦੇ ਹਨ ਅਤੇ ਉਹ ਤੁਰੰਤ ਸਮੱਸਿਆ ਦੇ ਹੱਲ ਲਈ ਯਤਨਸ਼ੀਲ ਰਹਿੰਦੇ ਹਨ। ਉਹਨਾਂ ਦੀ ਇਹ ਲੋਕਪੱਖੀ ਕਾਰਜਸ਼ੈਲੀ ਹੀ ਉਹਨਾਂ ਨੂੰ ਲੋਕਾਂ ਵਿੱਚ ਹਰਮਨਪਿਆਰਾ ਬਣਾਉਂਦੀ ਹੈ।
ਮੰਡੀਕਰਨ ਪ੍ਰਣਾਲੀ ਨੂੰ ਹੋਰ ਮਜਬੂਤ, ਪਾਰਦਰਸ਼ੀ ਅਤੇ ਆਧੁਨਿਕ ਬਣਾਉਣ ਲਈ ਸ. ਬਰਸਟ ਦੀ ਅਗਵਾਈ ਹੇਠ ਕੀਤੀਆਂ ਗਈਆਂ ਪਹਿਲਕਦਮੀਆਂ ਸਦਕਾ ਪੰਜਾਬ ਮੰਡੀ ਬੋਰਡ ਨੂੰ ਚੀਨ ਵਿਖੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦਾ ਮੇਜ਼ਰ ਇਨੋਵੇਸ਼ਨ ਐਵਾਰਡ ਮਿਲਿਆ ਹੈ। ਇਹ ਪੰਜਾਬ ਅਤੇ ਭਾਰਤ ਦੇ ਖੇਤੀਬਾੜੀ ਮੰਡੀਕਰਨ ਖੇਤਰ ਲਈ ਇਤਿਹਾਸਕ ਪ੍ਰਾਪਤੀ ਹੈ। ਵਰਲਡ ਯੂਨੀਅਨ ਆਫ ਹੋਲਸੇਲ ਮਾਰਕਿਟਸ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਦੇ ਕਿਸੇ ਮੰਡੀ ਬੋਰਡ ਨੂੰ ਇਹ ਅੰਤਰਰਾਸ਼ਟੀ ਸਨਮਾਨ ਮਿਲਣਾ ਪੰਜਾਬ ਅਤੇ ਭਾਰਤ ਲਈ ਮਾਣ ਵਾਲੀ ਗੱਲ ਹੈ।
ਸਮੂਹ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ੍ਰੀ ਅਰਵਿੰਦ ਕੇਜਰੀਵਾਲ ਤੋਂ ਪੁਰਜ਼ੋਰ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੂੰ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਜਾਵੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜੇਕਰ ਪਾਰਟੀ ਸ. ਬਰਸਟ ਨੂੰ ਮੌਕਾ ਦਿੰਦੀ ਹੈ ਤਾਂ ਸਮੂਹ ਜੱਥੇਬੰਦੀਆਂ ਅਤੇ ਹਲਕੇ ਦੇ ਲੋਕ ਇਕਜੁੱਟ ਹੋ ਕੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣਗੇ।