ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ‘ ਤਹਿਤ ਲਗਾਏ ਜਾ ਰਹੇ ਕੈੰਪਾਂ ਦੀ ਲਗਾਤਾਰਤਾ ਵਿਚ 9 ਫਰਵਰੀ ਨੂੰ ਸਿਵਲ ਹਸਪਤਾਲ ਅਬੋਹਰ ਵਿਖੇ ਕੈੰਪ ਲਗਾਇਆ ਜਾਵੇਗਾ| ਕੈੰਪ ਦੌਰਾਨ ਹਲਕਾ ਇੰਚਾਰਜ ਸ਼੍ਰੀ ਅਰੁਨ ਨਾਰੰਗ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ|
ਉਨ੍ਹਾਂ ਨੇ ਦੱਸਿਆ ਕਿ ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਬਜ਼ੁਰਗ ਨਾਗਰਿਕਾਂ ਨੂੰ ਸੁਖਾਵੇ ਮਾਹੋਲ ਵਿਚ ਵੱਖ-ਵੱਖ ਸੇਵਾਵਾਂ ਇਕ ਛੱਤ ਹੇਠ ਦੇਣ ਲਈ ਲੜੀਵਾਰ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਨੇ ਸੰਬਧਤ ਵਿਭਾਗਾਂ ਨੂੰ ਅਗਾਉਂ ਪ੍ਰਬੰਧ ਕਰਨ ਲਈ ਕਿਹਾ|
ਉਨ੍ਹਾਂ ਦੱਸਿਆ ਕਿ ਕੈਂਪ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਜੁਰਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫਤ ਕਾਨੂੰਨੀ ਸੇਵਾਵਾਂ ਸੰਬੰਧੀ ਜਾਣਕਾਰੀ ਦੇਣ ਦੇ ਨਾਲ ਨਾਲ, ਸਿਹਤ ਵਿਭਾਗ ਵੱਲੋਂ ਵੱਖ-ਵੱਖ ਤਰ੍ਹਾਂ ਦੇ ਮੁਫਤ ਸਿਹਤ ਚੈਕਅੱਪ ਕੀਤੇ ਜਾਣਗੇ ਤੇ ਲੋੜੀਂਦੀਆਂ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਦੌਰਾਨ ਅੱਖਾਂ ਦਾ ਇਲਾਜ ਕਰਵਾਉਣ ਆਉਣ ਵਾਲੇ ਬਜੁਰਗਾਂ ਦੀ ਅਸੈਸਮੈਂਟ ਕਰਕੇ ਸਰਜਰੀਆਂ ਵੀ ਕਰਵਾਈਆਂ ਜਾਣਗੀਆਂ ।
ਇਸੇ ਤਰਾਂ ਸੀਨੀਅਰ ਸਿਟੀਜਨ ਕਾਰਡ, ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ। ਉਨ੍ਹਾਂ ਕਿਹਾ ਕਿ ਬਜੁਰਗ ਨਾਗਰਿਕਾਂ ਨੁੰ ਬੈਂਕਾਂ ਦੀਆਂ ਸਕੀਮਾਂ ਅਤੇ ਆਨਲਾਈਨ ਫਰਾਡ ਤੋਂ ਬਚਾਅ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਜਿ਼ਲ੍ਹੇ ਦੇ ਬਜੁਰਗਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
