ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਭਰ ਵਿੱਚ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਬੀਤੇ ਦਿਨੀ ਵਿਧਾਨ ਸਭਾ ਹਲਕਾ ਫਾਜ਼ਿਲਕਾ ਦੇ ਪਿੰਡ ਮੁਰਾਦ ਵਾਲਾ ਭੋਮਗੜ, ਖਿਊ ਵਾਲੀ ਢਾਬ, ਸਿਵਾਨਾ, ਕਬੂਲਸ਼ਾਹ ਖੁੱਬਣ, ਖੂਈ ਖੇੜਾ, ਲੱਖੇ ਵਾਲੀ ਢਾਬ, ਜੰਡਵਾਲਾ ਮੀਰਾ ਸਾਂਗਲਾ ਸਮੇਤ ਵੱਖ ਵੱਖ ਪਿੰਡਾਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ `ਤੇ ਅਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਗਈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਹ ਦਸਤਾਵੇਜ਼ੀ ਫਿਲਮ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਸਮਾਨਤਾ, ਪ੍ਰਭੂ ਭਗਤੀ, ਮਨੁੱਖਤਾ, ਮਿਹਨਤ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ। 30 ਮਿੰਟ ਦੀ ਇਸ ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਵਿਲੱਖਣ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਭਾਵਨਾ ਅਤੇ ਕਿਰਤ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਅਤੇ ਸਰਲ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨੇ ਦਰਸ਼ਕਾਂ ’ਤੇ ਡੂੰਘਾ ਪ੍ਰਭਾਵ ਛੱਡਿਆ।
ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਡਾਕੂਮੈਂਟਰੀ ਫਿਲਮਾਂ ਦਾ ਪ੍ਰਦਰਸ਼ਨ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਹੋਰ ਨੇੜਿਓਂ ਜੁੜ ਸਕਣਗੇ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ।
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਗਈ