ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ

 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਹਲਕਾ ਫਾਜ਼ਿਲਕਾ ਦੇ ਪਿੰਡ ਅਭੁਨ, ਚਵਾੜਿਆਂ ਵਾਲੀ, ਪੱਟੀ ਪੂਰਨ, ਕਿੱਕਰ ਵਾਲਾ ਰੂਪਾ, ਬਨਵਾਲਾ ਹਨਵੰਤਾ ਤੇ ਪਿੰਡ ਰਾਮਪੁਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਸਮਾਜ ਸੁਧਾਰਕ ਵਿਚਾਰਾਂ ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ।

     ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਦਸਤਾਵੇਜ਼ੀ ਫ਼ਿਲਮ ਨੂੰ ਬਹੁਤ ਰੁਚੀ ਨਾਲ ਦੇਖਿਆ। ਫ਼ਿਲਮ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਗਏ ਸਮਾਨਤਾ, ਭਾਈਚਾਰਕ ਸਾਂਝ, ਮਨੁੱਖਤਾ, ਮਿਹਨਤ ਦੀ ਮਹੱਤਤਾ ਅਤੇ ਸਮਾਜ ਵਿੱਚੋਂ ਜਾਤ-ਪਾਤ ਅਤੇ ਵਿਤਕਰੇ ਨੂੰ ਖ਼ਤਮ ਕਰਨ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਗਿਆ।

     ਪਿੰਡ ਵਾਸੀਆਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਸਰਬੱਤ ਦੇ ਭਲੇ, ਸਮਾਜਿਕ ਬਰਾਬਰੀ ਅਤੇ ਆਪਸੀ ਪਿਆਰ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਦਸਤਾਵੇਜ਼ੀ ਫ਼ਿਲਮਾਂ ਦੇ ਪ੍ਰਦਰਸ਼ਨ ਅਤੇ ਜਾਗਰੂਕਤਾ ਸਮਾਗਮ ਕਰਵਾ ਕੇ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਨਾਲ ਜੋੜਿਆ ਜਾ ਰਿਹਾ ਹੈ।

      ਉਹਨਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਸਾਂਝ, ਸਦਭਾਵਨਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

Leave a Reply

Your email address will not be published. Required fields are marked *