ਫ਼ਤਿਹਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣ ਲਈ ਸੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਨਸ਼ਿਆਂ ਦੇ ਕਈ ਵੱਡੇ ਸਮੱਗਲਰਾਂ ਨੂੰ ਕਾਬੂ ਕਰਕੇ ਜੇਲਾਂ ਅੰਦਰ ਭੇਜਿਆ ਹੈ ਅਤੇ ਨਸ਼ਿਆਂ ਦੇ ਆਦੀ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਇੱਕ ਚੰਗੇ ਨਾਗਰਿਕ ਵਜੋਂ ਜੀਵਨ ਬਤੀਤ ਕਰਨ ਦਾ ਮੌਕਾ ਦਿੱਤਾ ਹੈ। ਇਹ ਪ੍ਰਗਾਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਭਮ ਅਗਰਵਾਲ ਨੇ ਰਾਣਾ ਹੈਰੀਟੇਜ, ਸਰਹਿੰਦ ਵਿਖੇ ਕਰਵਾਈ ਲੋਕ ਸੰਪਰਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਿਹਗੜ੍ਹ ਸਾਹਿਬ ਨੂੰ ਨਸ਼ਾ ਮੁਕਤ ਬਣਾਉਣਾ ਜ਼ਿਲ੍ਹਾ ਪੁਲਿਸ ਦੀ ਤਰਜੀਹ ਹੈ ਅਤੇ ਜਦੋਂ ਤੱਕ ਇਸ ਧਰਤੀ ਤੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਨਹੀਂ ਹੁੰਦਾ ਉਦੋਂ ਤੱਕ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਜਾਰੀ ਰਹੇਗੀ। ਜਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਅੱਗੇ ਆ ਕੇ ਸਹਿਯੋਗ ਦੇਣ, ਤਾਂ ਜੋ ਇੱਕ ਸੁਰੱਖਿਅਤ ਅਤੇ ਤੰਦਰੁਸਤ ਸਮਾਜ ਦੀ ਸਥਾਪਨਾ ਕੀਤੀ ਜਾ ਸਕੇ।

ਇਸ ਮੀਟਿੰਗ ਦੌਰਾਨ ਬ੍ਰਾਹਮਣ ਮਾਜਰਾ ਦੇ ਸਰਕਾਰੀ ਮੁੜ ਵਸੇਵਾ ਕੇਂਦਰ ਵਿਖੇ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦੀ ਸੰਭਾਲ ਕਰਨ ਲਈ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਸਲਾਹ-ਮਸ਼ਵਰਾ ਅਤੇ ਮਾਰਗਦਰਸ਼ਨ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ। ਇਸ ਲੋਕ ਸੰਪਰਕ ਮੀਟਿੰਗ ਵਿੱਚ ਕਾਫ਼ੀ ਗਿਣਤੀ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ ਅਤੇ ਆਪਣੇ ਨਸ਼ਾ ਛੱਡਣ ਦੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਨੇ ਦਿਖਾਇਆ ਕਿ ਸਮੇਂ ਸਿਰ ਸਹਾਇਤਾ, ਕੌਂਸਲਿੰਗ ਅਤੇ ਰੀਹੈਬਿਲਿਟੇਸ਼ਨ ਨਾਲ ਨਸ਼ਿਆਂ ਤੋਂ ਮੁਕਤੀ ਸੰਭਵ ਹੈ। ਨੌਜਵਾਨਾਂ ਨੇ ਪੁਲਿਸ ਅਤੇ ਮੈਡੀਕਲ ਟੀਮ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਮਦਦ ਨਾਲ ਉਹ ਅੱਜ ਨਸ਼ਾ-ਮੁਕਤ ਜੀਵਨ ਜੀ ਰਹੇ ਹਨ।
ਇਸ ਮੌਕੇ ਐਸ.ਪੀ.(ਐਚ) ਹਰਵੰਤ ਕੌਰ, ਡੀ.ਐਸ.ਪੀ.ਫ਼ਤਿਹਗੜ੍ਹ ਸਾਹਿਬ ਕੁਲਬੀਰ ਸਿੰਘ, ਡਾ.ਰੁਕਿੰਦਰ ਸਿੰਘ ,ਇੰਸਪੈਕਟਰ ਦਵਿੰਦਰ ਸਿੰਘ ਤੋਂ ਇਲਾਵਾ ਹੋਰ ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜਰ ਸਨ।
