
ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ -ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਨਿਰਭਓ ਸਿੰਘ ਗਿੱਲ
ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ 12 ਸਤੰਬਰ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੋਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ ਕੀਤੀ ਜਾਵੇਗੀ। ਇਹ ਜਾਣਕਾਰੀ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ -ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਨਿਰਭਓ ਸਿੰਘ ਗਿੱਲ, ਨੇ ਦਿੱਤੀ।
ਸ੍ਰੀ ਗਿੱਲ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਜਿਲ੍ਹਾ ਪੱਧਰ ਤੇ ਨਿਆਂਇਕ ਅਧਿਕਾਰੀਆਂ, ਬੈਂਕ ਅਧਿਕਾਰੀਆਂ, ਬੀਮਾ ਅਧਿਕਾਰੀਆਂ, ਵਾਟਰ ਸਪਲਾਈ, ਪੀ.ਐਸ.ਪੀ.ਸੀ.ਐੱਲ, ਅਤੇ ਬੀ.ਐਸ.ਐਨ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਕੇ ਆਮ ਪਬਲਿਕ ਨੂੰ ਫਾਈਦਾ ਪਹੁੰਚਾਇਆ ਜਾ ਸਕੇ।
ਇਸ ਕੌਮੀ ਲੋਕ ਅਦਾਲਤ ਵਿੱਚ ਦੀਵਾਨੀ, ਸਮਝੌਤਾਯੋਗ, ਫੌਜ਼ਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਮਜ਼ਦੂਰਾਂ ਨਾਲ ਸਬੰਧਤ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸਬੰਧੀ ਅਤੇ ਘਰੇਲੂ ਝਗੜਿਆਂ ਸਬੰਧੀ ਲੰਬਿਤ ਅਤੇ ਪ੍ਰੀ-ਲਿਟੀਗੇਟਿਵ ਕੇਸ ਸਮਝੌਤੇ ਲਈ ਵਿਚਾਰੇ ਜਾਣਗੇ।
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਝਗੜਿਆਂ ਦੇ ਨਿਪਟਾਰੇ ਲਈ ਇਸ ਲੋਕ ਅਦਾਲਤ ਦਾ ਲਾਭ ਉਠਾਉਣ, ਕਿਉਂਕਿ ਇਸ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਦੋਵਾਂ ਧਿਰਾਂ ਨੂੰ ਬਹੁਤ ਵੱਡੀ ਰਾਹਤ ਮਿਲਦੀ ਹੈ। ਇਸ ਲੋਕ ਅਦਾਲਤ ਵਿੱਚ ਲਗਾਏ ਜਾਣ ਵਾਲੇ ਕੇਸਾਂ ਦੀ ਕੋਰਟ ਫੀਸ ਵੀ ਨਹੀਂ ਲੱਗਦੀ ਅਤੇ ਲੋੜਵੰਦਾਂ ਨੂੰ ਵਕੀਲ ਦੀਆਂ ਮੁਫਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।