ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ਵਿੱਚ 12 ਦਸੰਬਰ 2026 ਨੂੰ ਨੈਸ਼ਨਲ ਲੋਕ ਅਦਾਲਤ ਦਾ ਕੀਤਾ ਜਾਵੇਗਾ ਆਯੋਜਨ

ਮਾਣਯੋਗ ਜਸਟਿਸ ਸ਼੍ਰੀ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਮਾਣਯੋਗ ਜਸਟਿਸ ਸ਼੍ਰੀਮਤੀ ਨਿਧੀ ਗੁਪਤਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਐਡਮਿਨਿਸਟ੍ਰੇਟਿਵ ਜੱਜ, ਫਾਜ਼ਿਲਕਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਬਲਜਿੰਦਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਮਿਤੀ 12.12.2026 ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਸਥਿਤ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।


ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਉਦੇਸ਼ ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਤੁਰੰਤ, ਸਸਤਾ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਕਰਨਾ ਹੈ, ਜਿਸ ਨਾਲ ਧਿਰਾਂ ਨੂੰ ਲੰਬੀ ਅਤੇ ਮਹਿੰਗੀ ਕਾਨੂੰਨੀ ਪ੍ਰਕਿਰਿਆ ਤੋਂ ਰਾਹਤ ਮਿਲ ਸਕੇ। ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਕਿਸਮ ਦੇ ਮਾਮਲੇ ਜਿਵੇਂ ਕਿ ਚੈੱਕ ਬਾਊਂਸ ਨਾਲ ਸਬੰਧਤ ਕੇਸ, ਬੈਂਕ ਰਿਕਵਰੀ ਕੇਸ, ਦੀਵਾਨੀ ਮਾਮਲੇ, ਵਿਆਹ-ਪਰਿਵਾਰਕ ਝਗੜੇ, ਮੋਟਰ ਐਕਸੀਡੈਂਟ ਕਲੇਮ ਕੇਸ ਨਾਲ ਸਬੰਧਤ ਮਾਮਲੇ, ਰੈਵੇਨਿਊ ਮਾਮਲੇ, ਟ੍ਰੈਫਿਕ ਚਲਾਨ ਅਤੇ ਹੋਰ ਸਮਝੌਤਾਯੋਗ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਸ ਨੈਸ਼ਨਲ ਲੋਕ ਅਦਾਲਤ ਦੇ ਸਫਲ ਆਯੋਜਨ ਲਈ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਵੱਖ-ਵੱਖ ਬੈਂਚਾਂ ਦਾ ਗਠਨ ਕੀਤਾ ਜਾਵੇਗਾ। ਇਨ੍ਹਾਂ ਬੈਂਚਾਂ ਵਿੱਚ ਮਾਣਯੋਗ ਜੱਜ ਸਾਹਿਬਾਨਾਂ ਅਤੇ ਉਨ੍ਹਾਂ ਨਾਲ ਨਿਯੁਕਤ ਮੈਂਬਰਾਂ ਵੱਲੋਂ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕੀਤੀ ਜਾਵੇਗੀ ਅਤੇ ਧਿਰਾਂ ਨੂੰ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਆਪਣੇ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।
ਇਸ ਮੌਕੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਨਿਆਂ ਪ੍ਰਾਪਤ ਕਰਨ ਦਾ ਇੱਕ ਪ੍ਰਭਾਵਸ਼ਾਲੀ, ਸੌਖਾ ਅਤੇ ਵਿਕਲਪਕ ਮਾਧਿਅਮ ਹੈ, ਜਿੱਥੇ ਧਿਰਾਂ ਆਪਣੀ ਮਰਜ਼ੀ ਨਾਲ ਆਪਸੀ ਸਹਿਮਤੀ ਨਾਲ ਆਪਣੇ ਵਿਵਾਦਾਂ ਦਾ ਨਿਪਟਾਰਾ ਕਰਵਾ ਸਕਦੀਆਂ ਹਨ। ਲੋਕ ਅਦਾਲਤ ਵਿੱਚ ਹੋਏ ਸਮਝੌਤੇ ਦੇ ਆਧਾਰ ‘ਤੇ ਪਾਸ ਕੀਤਾ ਗਿਆ ਐਵਾਰਡ ਸਿਵਲ ਅਦਾਲਤ ਦੀ ਡਿਕਰੀ ਦੇ ਬਰਾਬਰ ਹੁੰਦਾ ਹੈ ਅਤੇ ਇਸ ਦੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ। ਲੋਕ ਅਦਾਲਤ ਰਾਹੀਂ ਨਾ ਸਿਰਫ਼ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ, ਸਗੋਂ ਆਪਸੀ ਭਾਈਚਾਰਾ ਵੀ ਬਣਿਆ ਰਹਿੰਦਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤ ਦੇ ਲਾਭਾਂ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਵਾਦਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਵਾਉਣ ਲਈ 12 ਦਸੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਹੋਰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਣਕਾਰੀ ਜਾਂ ਮੁਫ਼ਤ ਕਾਨੂੰਨੀ ਸਹਾਇਤਾ ਲਈ ਟੋਲ-ਫ੍ਰੀ ਨੰਬਰ 15100 ਜਾਂ ਡੀ.ਐਲ.ਐਸ.ਏ. ਫਾਜ਼ਿਲਕਾ ਦੇ ਦਫ਼ਤਰੀ ਨੰਬਰ 01638-261500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *