ਫਾਜ਼ਿਲਕਾ ਵਿਖੇ ਸਖੀ ਸਨਮਾਨ ਸਮਾਰੋਹ ਬੜੀ ਹੀ ਧੂਮ-ਧਾਮ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਹਲਕਾ ਫਾਜ਼ਿਲਕਾ ਤੋਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ।
ਇਹ ਸਮਾਗਮ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਦੀ ਅਗਵਾਈ ਹੇਠ ਕਰਵਾਇਆ ਗਿਆ।ਇਸ ਸਮਾਗਮ ਵਿਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਵਾਲੀਆਂ ਸਤਿਕਾਰਤ ਸਖੀਆਂ ਦਾ ਸਨਮਾਨ ਕੀਤਾ ਗਿਆ।
ਸਮਾਗਮ ਦਾ ਮੁੱਖ ਉਦੇਸ਼ ਸਖੀਆਂ ਨੂੰ ਸਨਮਾਨਿਤ ਕਰਨਾ ਅਤੇ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਤੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਔਰਤਾਂ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਤੋਂ ਬਿਨਾਂ ਸਮਾਜ ਦਾ ਵਿਕਾਸ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਚਲਾਈ ਗਈ ਹੈ। ਇਸ ਯੋਜਨਾ ਵਿਚ ਜਨਰਲ ਕੈਟੇਗਰੀ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ. ਸੀ. ਸਮਾਜ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ।
ਇਸ ਦੇ ਨਾਲ ਨਾਲ ਸਰਕਾਰ ਵੱਲੋਂ ਮਹਿਲਾਵਾਂ ਲਈ ਅਨੇਕਾਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।
ਇਸ ਮੌਕੇ ਵਿਧਾਇਕ ਸਵਨਾ ਵੱਲੋਂ ਕਿਹਾ ਗਿਆ ਕਿ ਸਾਡੀ ਸਰਕਾਰ ਮਾਵਾਂ ਅਤੇ ਧੀਆਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮਨਿਰਭਰਤਾ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ।ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਆਈਆਂ ਹੋਈਆਂ ਸਾਰੀਆਂ ਮਹਿਲਾਵਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅੱਜ ਦੀ ਔਰਤ ਹਰ ਖੇਤਰ ਵਿੱਚ ਮਰਦਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵੱਧ ਰਹੀ ਹੈ। ਉਨ੍ਹਾਂ ਮਹਿਲਾਵਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਹੈ ਜਿਸ ਨੇ ਪੰਜਾਬ ਵਿਚ ਮਾਵਾਂ ਧੀਆਂ ਸਤਿਕਾਰ ਯੋਜਨਾ ਚਲਾ ਕੇ ਮਹਿਲਾਵਾਂ ਦਾ ਸਨਮਾਨ ਕੀਤਾ ਹੈ।ਇਸ ਮੌਕੇ ਤੇ ਇਲਾਕੇ ਦੀਆਂ ਪਤਵੰਤੀਆਂ ਸਖਸ਼ੀਅਤਾਂ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਮਹਿਲਾ ਵਿੰਗ ਦੀਆਂ ਆਗੂ ਹਾਜ਼ਰ ਸਨ।