ਪੰਜਾਬ ਸਰਕਾਰ ਦੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਉਸਾਰੇ ਜਾ ਰਹੇ 3100 ਪੇਂਡੂ ਖੇਡ ਮੈਦਾਨਾਂ ਦੇ ਤੀਸਰੇ ਚਰਨ ਅਧੀਨ ਪਿੰਡ ਕਿੱਲਿਆਂ ਵਾਲੀ, ਬਲਾਕ ਖੂਈਆਂ ਸਰਵਰ ਵਿਖੇ ਬਣੇ ਖੇਡ ਮੈਦਾਨ ਦਾ ਕੈਬਨਿਟ ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਸ. ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਘਾਟਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਗਊਸ਼ਾਲਾ ਦੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਦੇ ਨਾਲ ਹੀ ਬਲਾਕ ਖੂਈਆਂ ਸਰਵਰ ਵਿਖੇ ਨਵੇਂ ਬਣੇ ਪੰਚਾਇਤ ਘਰ, ਸਰਕਾਰੀ ਪ੍ਰਾਇਮਰੀ ਸਕੂਲ ਦੇ ਕਮਰਿਆਂ, ਚਾਰਦੀਵਾਰੀ ਅਤੇ ਕਿਚਨ ਸ਼ੈੱਡ ਅਤੇ ਕਮਿਊਨਿਟੀ ਸੈਂਟਰ ਕਮ ਮੈਰਿਜ ਪੈਲੇਸ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਵੱਲੋਂ ਅਪਗ੍ਰੇਡ ਕੀਤੇ ਸਰਕਾਰੀ ਹਾਈ ਸਕੂਲ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਅਤੇ ਇੰਟਰਲਾਕ ਗਲੀਆਂ-ਨਾਲੀਆਂ ਦੇ ਨਿਰਮਾਣ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ ਗਏ।
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇਹ ਖੇਡ ਮੈਦਾਨ ਵਿਸ਼ੇਸ਼ ਤੌਰ ’ਤੇ ਉਸਾਰੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦੇ ਬੱਚੇ ਅਤੇ ਨੌਜਵਾਨ ਆਪਣੀ ਸਿਹਤ ਦਾ ਧਿਆਨ ਰੱਖਦਿਆਂ ਖੇਡਾਂ ਦੇ ਖੇਤਰ ਵਿੱਚ ਅੱਗੇ ਵਧ ਸਕਣ।
ਇਸ ਉਦਘਾਟਨ ਸਮਾਰੋਹ ਵਿੱਚ ਹਲਕਾ ਇੰਚਾਰਜ ਅਬੋਹਰ ਡਾ. ਸੁਹਾਨੀ ਡੋਡਾ ਅਤੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਸ. ਉਪਕਾਰ ਸਿੰਘ ਜਾਖੜ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਇਸ ਮੌਕੇ ਡਾ. ਸੁਹਾਨੀ ਡੋਡਾ ਨੇ ਕਿਹਾ ਕਿ ਪਿੰਡ ਵਿੱਚ ਖੇਡ ਮੈਦਾਨ ਦੀ ਉਸਾਰੀ ਨਾਲ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਨਾ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਮੈਦਾਨ ਪੁਲਿਸ ਅਤੇ ਫੌਜ ਸਮੇਤ ਸਰੀਰਕ ਸਮਰੱਥਾ ਨਾਲ ਸਬੰਧਤ ਮੁਕਾਬਲੇ ਵਾਲੇ ਇਮਤਿਹਾਨਾਂ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਲਈ ਵੀ ਲਾਹੇਵੰਦ ਸਾਬਤ ਹੋਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਪਹਿਲਕਦਮੀ ਨਾਲ ਲੰਮੇ ਸਮੇਂ ਤੋਂ ਵਿਕਾਸ ਪੱਖੋਂ ਅਣਗੌਲੇ ਰਹੇ ਇਸ ਇਲਾਕੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ। ਇਸ ਨਾਲ ਜਿੱਥੇ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹੇਗੀ, ਉੱਥੇ ਹੀ ਇਲਾਕਾ ਵਾਸੀਆਂ ਨੂੰ ਸਵੇਰੇ ਅਤੇ ਸ਼ਾਮ ਦੀ ਸੈਰ ਲਈ ਵੀ ਇੱਕ ਢੁੱਕਵੀਂ ਥਾਂ ਉਪਲਬਧ ਹੋਵੇਗੀ।
ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਇਲਾਕੇ ਦੇ ਪਤਵੰਤੇ ਸੱਜਣ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।