ਸਿਹਤ ਨੂੰ ਮੌਲਿਕ ਅਧਿਕਾਰ ਦੱਸਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਾਰਿਆਂ ਲਈ ਮਿਆਰੀ ਸਿਹਤ ਸੰਭਾਲ ਪਹੁੰਚਯੋਗ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ, ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਡਾ. ਬਲਬੀਰ ਸਿੰਘ ਨੇ ਸ਼ਨੀਵਾਰ ਨੂੰ ਨਿੱਜੀ ਹਸਪਤਾਲਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਿਸਤਰਿਆਂ ਦਾ ਘੱਟੋ-ਘੱਟ 20 ਪ੍ਰਤੀਸ਼ਤ ਸਰਕਾਰੀ ਸਕੀਮਾਂ ਅਧੀਨ ਰਾਖਵਾਂ ਰੱਖਣ ਤਾਂ ਜੋ ਸਾਰਿਆਂ ਲਈ ਕਿਫਾਇਤੀ ਮਰੀਜ਼ ਦੇਖਭਾਲ ਯਕੀਨੀ ਬਣਾਈ ਜਾ ਸਕੇ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ ਦੂਜੇ ਦਿਨ “ਹਸਪਤਾਲ ਅਤੇ ਸਿਹਤ ਸੰਭਾਲ” ਸਿਰਲੇਖ ਵਾਲੇ ਸੈਸ਼ਨ ਨੂੰ ਸੰਬੋਧਨ ਕਰਦਿਆਂ, ਮੰਤਰੀ ਨੇ ਕਿਹਾ ਕਿ ਸਰਵ ਵਿਆਪਕ ਅਤੇ ਬਰਾਬਰ ਸਿਹਤ ਸੰਭਾਲ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਰਕਾਰ ਅਤੇ ਕਾਰਪੋਰੇਟ ਸਿਹਤ ਸੰਭਾਲ ਪ੍ਰਦਾਤਾਵਾਂ ਵਿਚਕਾਰ ਮਜ਼ਬੂਤ ਸਹਿਯੋਗ ਜ਼ਰੂਰੀ ਹੈ।
ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕਾਂ ਦੇ ਵਿਸਥਾਰ ਰਾਹੀਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਵਿੱਚ ਅਸਮਾਨਤਾ ਨੂੰ ਘਟਾਉਣ ਲਈ ਰਾਜ ਸਰਕਾਰ ਦੇ ਯਤਨਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, “ਪੰਜਾਬ ਨੇ ਪਿੰਡਾਂ ਵਿੱਚ 565 ਅਤੇ ਸ਼ਹਿਰੀ ਖੇਤਰਾਂ ਵਿੱਚ 318 ਕਲੀਨਿਕ ਸਥਾਪਤ ਕੀਤੇ ਹਨ, ਖਾਸ ਕਰਕੇ ਪਛੜੇ ਇਲਾਕਿਆਂ ਵਿੱਚ। ਸਾਡਾ ਉਦੇਸ਼ ਰਾਜ ਭਰ ਦੇ ਦੂਰ-ਦੁਰਾਡੇ ਖੇਤਰਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਹੈ।”
ਕਾਰਪੋਰੇਟ ਹਸਪਤਾਲਾਂ ਨੂੰ ਯੂਨੀਵਰਸਲ ਹੈਲਥਕੇਅਰ ਮੁੱਖ ਮੰਤਰੀ ਸਿਹਤ ਯੋਜਨਾ ਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦੇ ਹੋਏ, ਮੰਤਰੀ ਨੇ ਕਿਹਾ, “ਨਿੱਜੀ ਹਸਪਤਾਲਾਂ ਵਿੱਚ ਘੱਟੋ-ਘੱਟ 20 ਪ੍ਰਤੀਸ਼ਤ ਬਿਸਤਰੇ ਉਨ੍ਹਾਂ ਮਰੀਜ਼ਾਂ ਲਈ ਰਾਖਵੇਂ ਰੱਖੇ ਜਾਣੇ ਚਾਹੀਦੇ ਹਨ ਜੋ ਇਲਾਜ ਦਾ ਖਰਚਾ ਨਹੀਂ ਚੁੱਕ ਸਕਦੇ। ਇਹ ਸੇਵਾਵਾਂ ਹਮੇਸ਼ਾ ਮੁਫ਼ਤ ਹੋਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਹਸਪਤਾਲ ਸਰਕਾਰੀ ਸਿਹਤ ਯੋਜਨਾਵਾਂ ਰਾਹੀਂ ਮੁਆਵਜ਼ਾ ਪ੍ਰਾਪਤ ਕਰ ਸਕਦੇ ਹਨ, ਇਹ ਯਕੀਨੀ ਬਣਾਉਂਦੇ ਹੋਏ ਕਿ ਲੋੜਵੰਦਾਂ ਦੀ ਸਹਾਇਤਾ ਕਰਦੇ ਹੋਏ ਉਨ੍ਹਾਂ ਨੂੰ ਨੁਕਸਾਨ ਨਾ ਹੋਵੇ।”
ਸਿਹਤ ਖੇਤਰ ਵਿੱਚ ਮੌਕਿਆਂ ਦੀ ਪੜਚੋਲ ਕਰਨ ਲਈ ਨਿਵੇਸ਼ਕਾਂ ਨੂੰ ਸੱਦਾ ਦਿੰਦੇ ਹੋਏ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਨੇ ਕਿਹਾ ਕਿ ਪੰਜਾਬ ਸਿਹਤ ਸੰਭਾਲ ਨਿਵੇਸ਼ਾਂ ਲਈ ਇੱਕ ਅਨੁਕੂਲ ਵਾਤਾਵਰਣ ਪ੍ਰਣਾਲੀ ਦੀ ਪੇਸ਼ਕਸ਼ ਕਰਦਾ ਹੈ, ਜਿਸ ਵਿੱਚ ਸਰਕਾਰ ਜ਼ਮੀਨ, ਨੀਤੀ ਸਹਾਇਤਾ, ਪ੍ਰੋਤਸਾਹਨ ਅਤੇ ਤੇਜ਼ ਪ੍ਰਵਾਨਗੀਆਂ ਪ੍ਰਦਾਨ ਕਰ ਰਹੀ ਹੈ।
ਇਸ ਸੈਸ਼ਨ ਵਿੱਚ ਡਾਇਰੈਕਟਰ ਹੋਮੀ ਭਾਭਾ ਡਾ. ਆਸ਼ੀਸ਼ ਗੁਲੀਆ, ਸੀਈਓ ਲਿਵਾਸਾ ਹਸਪਤਾਲ ਅਨੁਰਾਗ ਯਾਦਵ, ਮੈਡੀਕਲ ਡਾਇਰੈਕਟਰ ਫੋਰਟਿਸ ਹੈਲਥਕੇਅਰ ਡਾ. ਵਿਕਰਮਜੀਤ ਸਿੰਘ ਧਾਲੀਵਾਲ ਅਤੇ ਅਪੋਲੋ ਹਸਪਤਾਲ ਨਵੀਂ ਦਿੱਲੀ ਦੇ ਸੀਨੀਅਰ ਇੰਟਰਵੈਂਸ਼ਨਲ ਕਾਰਡੀਓਲੋਜਿਸਟ ਪ੍ਰੋਫੈਸਰ ਡਾ. ਵਿਵੇਕ ਗੁਪਤਾ ਸਮੇਤ ਪ੍ਰਮੁੱਖ ਪੈਨਲਿਸਟ ਸ਼ਾਮਲ ਸਨ, ਜਦੋਂ ਕਿ ਕੇਪੀਐਮਜੀ ਤੋਂ ਸੰਦੀਪ ਝਾਅ ਸੈਸ਼ਨ ਦਾ ਸੰਚਾਲਨ ਕਰ ਰਹੇ ਸਨ।
