ਫੇਜ਼-10 ਵਿਖੇ ਆਪਣੇ ਨਵੇਂ ਦਫ਼ਤਰ ਦੇ ਉਦਘਾਟਨ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ।

ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਅੰਦਰੂਨੀ ਤੌਰ ‘ਤੇ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। ਜਿਹੜੀ ਪਾਰਟੀ ਕਦੇ ਇਮਾਨਦਾਰੀ ਦੇ ਨਾਅਰੇ ਲਗਾਉਂਦੀ ਸੀ, ਉਹ ਅੱਜ ਆਪਣੇ ਹੀ ਆਗੂਆਂ ਅਤੇ ਵਰਕਰਾਂ ਨੂੰ ਅਣਡਿੱਠਾ ਕਰ ਰਹੀ ਹੈ। ਮਿਹਨਤੀ ਅਤੇ ਸਮਰਪਿਤ ਵਰਕਰ ਆਪਣੇ ਆਪ ਨੂੰ ਲਾਵਾਰਿਸ ਮਹਿਸੂਸ ਕਰ ਰਹੇ ਹਨ, ਜਦਕਿ ਲੀਡਰ ਲਗਾਤਾਰ ਪਾਰਟੀ ਛੱਡ ਰਹੇ ਹਨ।

ਸ੍ਰੀ ਸਿੱਧੂ ਨੇ ਦੋਸ਼ ਲਗਾਇਆ ਕਿ ਝਾੜੂ ਪਾਰਟੀ ਨੇ ਟਿਕਟਾਂ ਵੇਚ ਕੇ ਪੰਜਾਬ ਦੀ ਰਾਜਨੀਤੀ ਨੂੰ ਗੰਦਾ ਕੀਤਾ ਹੈ। ਪੈਸੇ ਦੇ ਆਧਾਰ ‘ਤੇ ਫੈਸਲੇ ਲਏ ਗਏ ਅਤੇ ਜਿਨ੍ਹਾਂ ਨੇ ਸਾਲਾਂ ਤੱਕ ਪਾਰਟੀ ਲਈ ਮਿਹਨਤ ਕੀਤੀ, ਉਹਨਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਇਹੀ ਕਾਰਨ ਹੈ ਕਿ ਅੱਜ ਪਾਰਟੀ ਵਿੱਚ ਨਾਰਾਜ਼ਗੀ ਚਰਮ ‘ਤੇ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਇਹੀ ਝਾੜੂ ਪਾਰਟੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨੂੰ “ਮੁਫ਼ਤ ਬਿਜਲੀ” ਦੇ ਵੱਡੇ-ਵੱਡੇ ਵਾਅਦੇ ਕਰਦੀ ਸੀ, ਪਰ ਅੱਜ ਹਕੀਕਤ ਵਿੱਚ ਲੋਕਾਂ ਨੂੰ ਨਾ ਤਾਂ ਪੂਰੀ ਰਾਹਤ ਮਿਲ ਰਹੀ ਹੈ ਅਤੇ ਉਲਟ ਬਿਜਲੀ ਦੇ ਕੱਟ ਅਤੇ ਮਹਿੰਗੇ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਵਾਅਦਿਆਂ ਤੋਂ ਮੁਕਰਣ ਦੀ ਸਪੱਸ਼ਟ ਨਿਸ਼ਾਨੀ ਹੈ।
ਸਿੱਧੂ ਨੇ ਅੱਗੇ ਕਿਹਾ ਕਿ ਬਿਜਲੀ ਦੇ ਮਸਲੇ ‘ਤੇ ਵੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ। ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦੇ ਦੌਰ ਵਿੱਚ ਅੱਜ ਲਗਾਤਾਰ ਬਿਜਲੀ ਦੇ ਕੱਟ ਲੱਗ ਰਹੇ ਹਨ ਅਤੇ ਲੋਕਾਂ ਨੂੰ ਭਾਰੀ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਲੋਕ-ਵਿਰੋਧੀ ਨੀਤੀਆਂ ਦਾ ਸਪੱਸ਼ਟ ਸਬੂਤ ਹੈ।
ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਕੀਕਤ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ। ਇਹ ਸਰਕਾਰ ਸਿਰਫ਼ ਪ੍ਰਚਾਰ ਅਤੇ ਝੂਠੇ ਵਾਅਦਿਆਂ ‘ਤੇ ਆਧਾਰਿਤ ਹੈ ਅਤੇ ਜ਼ਮੀਨੀ ਪੱਧਰ ‘ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨਾਕਾਮ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ।
