ਦੁਸਹਿਰੇ ਦੇ ਤਿਉਹਾਰ ਨੂੰ ਸ਼ਾਂਤੀਪੂਰਨ, ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਮਨਾਉਣ ਲਈ ਅੱਜ ਐੱਸ.ਡੀ.ਐੱਮ. ਸ਼੍ਰੀ ਹਰਬੰਸ ਸਿੰਘ ਅਤੇ ਡੀ.ਐੱਸ.ਪੀ. ਸ੍ਰੀ ਹਰੀਸ਼ ਕੁਮਾਰ ਅਬੋਹਰ ਵੱਲੋਂ ਦੁਸਹਿਰਾ ਗਰਾਊਂਡ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੁਸਹਿਰਾ ਕਮੇਟੀ ਦੇ ਮੈਂਬਰਾਂ ਅਤੇ ਪ੍ਰਬੰਧਾਂ ਨਾਲ ਜੁੜੇ ਹੋਰ ਅਧਿਕਾਰੀਆਂ ਤੇ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਤਿਉਹਾਰ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਅਤੇ ਸਾਰੇ ਪ੍ਰਬੰਧ ਪੁਖ਼ਤਾ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਅਧਿਕਾਰੀਆਂ ਨੇ ਕਿਹਾ ਕਿ ਦੁਸਹਿਰੇ ਦੇ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ, ਆਵਾਜਾਈ, ਪਾਰਕਿੰਗ ਅਤੇ ਭੀੜ ਦੇ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਗਰਾਊਂਡ ਵਿੱਚ ਲੋਕਾਂ ਦੀ ਆਮਦ ਅਤੇ ਵਾਪਸੀ ਲਈ ਢੁੱਕਵੇਂ ਰਸਤੇ ਯਕੀਨੀ ਬਣਾਏ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਿਆ ਜਾ ਸਕੇ।
ਉਨ੍ਹਾਂ ਦੁਸਹਿਰਾ ਕਮੇਟੀ ਨੂੰ ਹਦਾਇਤ ਕੀਤੀ ਕਿ ਗਰਾਊਂਡ ਦੀ ਸਫ਼ਾਈ, ਰੋਸ਼ਨੀ, ਬੈਰੀਕੇਡਿੰਗ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਰਾਵਣ ਦਹਿਣ ਨਾਲ ਸਬੰਧਤ ਪ੍ਰਬੰਧਾਂ ਦੌਰਾਨ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਸਰਵਉੱਚ ਤਰਜੀਹ ਦਿੱਤੀ ਜਾਵੇ।
ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ, ਸੰਵੇਦਨਸ਼ੀਲ ਥਾਵਾਂ ’ਤੇ ਨਿਗਰਾਨੀ ਰੱਖਣ ਅਤੇ ਲੋੜ ਅਨੁਸਾਰ ਪੁਲਿਸ ਮੁਲਾਜ਼ਮ ਤਾਇਨਾਤ ਕਰਨ ਸਬੰਧੀ ਵੀ ਹਦਾਇਤਾਂ ਦਿੱਤੀਆਂ ਗਈਆਂ। ਅਧਿਕਾਰੀਆਂ ਨੇ ਕਿਹਾ ਕਿ ਸਾਰੇ ਵਿਭਾਗ ਅਤੇ ਦੁਸਹਿਰਾ ਕਮੇਟੀ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੈਦਾ ਨਾ ਹੋਵੇ।
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਤਿਉਹਾਰ ਨੂੰ ਆਪਸੀ ਭਾਈਚਾਰੇ, ਸਦਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ ਵਿੱਚ ਸਹਿਯੋਗ ਦੇਣ।