ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਅਤੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਡਾ. ਵੰਦਨਾ ਕੰਬੋਜ ਵੱਲੋਂ ਜ਼ਿਲ੍ਹੇ ਦੇ ਪੈਟਰੋਲ ਪੰਪ ਡੀਲਰਾਂ ਅਤੇ ਐਲਪੀਜੀ ਗੈਸ ਏਜੰਸੀਆਂ ਦੇ ਪ੍ਰਤੀਨਿਧੀਆਂ ਨਾਲ ਸਪਲਾਈ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕਰਨ ਲਈ ਇੱਕ ਵਿਸ਼ੇਸ਼ ਬੈਠਕ ਕੀਤੀ ਗਈ।
ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਤੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਡਾ.ਵੰਦਨਾ ਕੰਬੋਜ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਐਲਪੀਜੀ ਗੈਸ ਸਿਲੰਡਰਾਂ, ਪੈਟਰੋਲ ਅਤੇ ਡੀਜ਼ਲ ਦੀ ਭਰਪੂਰ ਉਪਲਬਧਤਾ ਹੈ ਅਤੇ ਸਪਲਾਈ ਪ੍ਰਣਾਲੀ ਪੂਰੀ ਤਰ੍ਹਾਂ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਕਰਨ ਜਾਂ ਅਫਵਾਹਾਂ ‘ਤੇ ਧਿਆਨ ਦੇਣ ਦੀ ਲੋੜ ਨਹੀਂ ਹੈ।

ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਤੱਤਾਂ ਵੱਲੋਂ ਸੋਸ਼ਲ ਮੀਡੀਆ ਜਾਂ ਹੋਰ ਮਾਧਿਅਮਾਂ ਰਾਹੀਂ ਇਨ੍ਹਾਂ ਚੀਜ਼ਾਂ ਦੀ ਘਾਟ ਸਬੰਧੀ ਬੇਬੁਨਿਆਦ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਗਲਤ ਅਤੇ ਗੁੰਮਰਾਹਕੁੰਨ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਜ਼ਰੂਰੀ ਵਸਤੂਆਂ ਬਾਰੇ ਅਫਵਾਹਾਂ ਫੈਲਾਉਂਦਾ ਜਾਂ ਜਮਾਖੋਰੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਪ੍ਰਮਾਣਿਤ ਜਾਣਕਾਰੀ ‘ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਅਜਿਹੀ ਜਾਣਕਾਰੀ ਨੂੰ ਅੱਗੇ ਵਧਾਉਣ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਪਲਾਈ ਪ੍ਰਬੰਧਾਂ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਦੌਰਾਨ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਉਹ ਸਟਾਕ ਅਤੇ ਸਪਲਾਈ ਸਬੰਧੀ ਪੂਰੀ ਪਾਰਦਰਸ਼ਤਾ ਬਣਾਈ ਰੱਖਣ ਜੇ ਕਿਸੇ ਵੀ ਤਰ੍ਹਾਂ ਦੀ ਕਾਲਾਬਜਾਰੀ ਨਾ ਕਰਨ ।
ਇਸ ਉਪਰੰਤ ਪੈਟਰੋਲ ਪੰਪ ਡੀਲਰਾਂ ਅਤੇ ਐਲਪੀਜੀ ਗੈਸ ਏਜੰਸੀਆਂ ਦੇ ਪ੍ਰਤੀਨਿਧੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲਪੀਜੀ ਗੈਸ ਦਾ ਸਟਾਕ ਲੋੜੀਦੀ ਮਾਤਰਾ ਵਿੱਚ ਮੌਜੂਦ ਹੈ ਅਤੇ ਸਪਲਾਈ ਸਧਾਰਨ ਤਰੀਕੇ ਨਾਲ ਜਾਰੀ ਹੈ।

