ਪੰਜਾਬ ਰਾਜ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੇਅਰਹਾਉਸ ਵਿੱਚ ਮੌਜੂਦ 1302 ਬੀ.ਯੂ, 842 ਸੀ.ਯੂ ਅਤੇ 887 ਵੀ.ਵੀ.ਪੀ.ਏ.ਟੀ ਦੀ ਫਸਟ ਲੈਵਲ ਚੈਕਿੰਗ ਚੱਲ ਰਹੀ ਹੈ, ਜਿਸਦਾ ਵਧੀਕ ਮੁੱਖ ਚੋਣ ਅਫਸਰ, ਪੰਜਾਬ, ਸ੍ਰੀ ਅਮਨਦੀਪ ਬਾਂਸਲ,ਆਈ.ਏ.ਐਸ. ਵੱਲੋਂ ਜਾਇਜਾ ਲਿਆ ਗਿਆ।
ਇਸ ਦੌਰਾਨ ਉਨ੍ਹਾਂ ਨੇ ਵੇਅਰਹਾਊਸ ਵਿੱਚ ਫਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਚੈਕਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਾਰੇ ਪ੍ਰਬੰਧਾ ‘ਤੇ ਤਸੱਲੀ ਪ੍ਰਗਟਾਈ।

ਇਸ ਦੌਰਾਨ ਈ.ਵੀ.ਐਮ.ਨੋਡਲ ਅਫਸਰ ਕਮ ਐਸ.ਡੀ.ਐਮ. ਖਮਾਣੋਂ ਅਬੀਮਨਿਊ ਮਲਿਕ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਫਤਹਿਗੜ੍ਹ ਸਾਹਿਬ ਵਿਖੇ ਫਸਟ ਲੈਵਲ ਚੈਕਿੰਗ ਦਾ ਕੰਮ ਕਰੀਬ 80 ਫੀਸਦੀ ਮੁਕੰਮਲ ਹੋ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਨੂੰ ਨਿਰਧਾਰਤ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਪ੍ਰਕਿਰਿਆ ਦਾ ਉਦੇਸ਼ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੌਰਾਨ ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ ਅਤੇ ਚੋਣ ਪ੍ਰਬੰਧਾਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ।
ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀਮਤੀ ਨਿਰਮਲਾ ਰਾਣੀ ਤੋਂ ਇਲਾਵਾ ਚੋਣ ਦਫ਼ਤਰ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।