ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਨੇ ਸਿੱਖਿਆ ਵਿਭਾਗ ਦੀਆਂ ਸਕੀਮਾਂ ਦੀ ਕੀਤੀ ਸਮੀਖਿਆ

ਫ਼ਤਹਿਗੜ੍ਹ ਸਾਹਿਬ : ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਬੀਰ ਕੌਰ ਭੁੱਲਰ ਨੇ ਜ਼ਿਲ੍ਹਾ ਦਿਸ਼ਾ ਨਿਰਦੇਸ਼ ਕਮੇਟੀ (District Steering Committee) ਦੀ ਮਹੀਨਾਵਾਰ ਮੀਟਿੰਗ ਦੌਰਾਨ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਰਵਿੰਦਰ ਕੌਰ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੇ ਜਾ ਰਹੇ ਮਿਡ ਡੇ ਮੀਲ ਦੀ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ ਖਾਣੇ ਦੀ ਗੁਣਵੱਤਾ, ਮਾਤਰਾ ਤੇ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਪਾਣੀ ਦੀਆਂ ਟੈਂਕੀਆਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਉਣ ਦੇ ਨਾਲ-ਨਾਲ ਪਾਣੀ ਦੀ ਗੁਣਵੱਤਾ ਲਈ ਸੈਂਪਲ ਲੈ ਕੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਮਿਸ਼ਨ ਸਮਰੱਥ, ਆਰ.ਟੀ.ਈ.,ਵਰਦੀਆਂ, ਐਸ.ਟੀ.ਆਰ.,ਆਈ.ਈ.ਡੀ. ਅਤੇ ਅੰਗਰੇਜ਼ੀ ਭਾਸ਼ਾ ਸਿੱਖਣ ਸਬੰਧੀ ਪ੍ਰੋਗਰਾਮਾਂ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਸਾਰੇ ਟੀਚੇ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਨੇ ਕਿ ‘ਸਕੂਲ ਆਫ਼ ਹੈਪੀਨੈੱਸ’ ਤਹਿਤ ਜ਼ਿਲ੍ਹੇ ਦੇ 12 ਸਕੂਲਾਂ ਲਈ ਪ੍ਰਵਾਨਿਤ 04 ਕਰੋੜ 04 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਇਸੇ ਤਰ੍ਹਾਂ ਪੀ.ਐਮ. ਸ੍ਰੀ ਸਕੂਲਾਂ ਨੂੰ ਸਾਇੰਸ, ਮੈਥ ਸਰਕਲ ਅਤੇ ਵਰਦੀਆਂ ਲਈ ਵੀ ਗ੍ਰਾਂਟ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪ੍ਰਾਪਤ ਕਿਤਾਬਾਂ ਮੁਫ਼ਤ ਵੰਡੀਆਂ ਜਾ ਚੁੱਕੀਆਂ ਹਨ।

ਜ਼ਿਲ੍ਹਾ ਸਿੱਖਿਆ ਅਫਸਰ ਨੇ ਹੋਰ ਦੱਸਿਆ ਕਿ ਪ੍ਰਾਇਮਰੀ ਤੇ ਅੱਪਰ ਪ੍ਰਾਇਮਰੀ ਸਕੂਲਾਂ ਦੇ ਕੁੱਲ 39,058 ਵਿਦਿਆਰਥੀਆਂ ਨੂੰ ਮਿਡ ਡੇ ਮੀਲ ਸਕੀਮ ਤਹਿਤ ਖਾਣਾ ਦਿੱਤਾ ਜਾ ਰਿਹਾ ਹੈ ਅਤੇ ਬੱਚਿਆਂ ਨੂੰ ਹਰ ਸ਼ਨੀਵਾਰ ਸੀਜ਼ਨਲ ਫਰੂਟ ਵੀ ਦਿੱਤਾ ਜਾਂਦਾ ਹੈ।

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਦੀਦਾਰ ਸਿੰਘ ਮਾਂਗਟ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਜੋਬਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਅਨੁਰਤਨ ਕੌਰ ਸਮੇਤ ਹੋਰ ਅਧਿਕਾਰੀ ਹਾਜਰ ਸਨ।

Leave a Reply

Your email address will not be published. Required fields are marked *