ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਕੀਤੀ ਸਮੀਖਿਆ ਮੀਟਿੰਗ

ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਆਜਾਦੀ ਦਿਹਾੜੇ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਰਬੀਰ ਕੌਰ ਭੁੱਲਰ ਨੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਸਮੁੱਚੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।

ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਨੇ ਕਿਹਾ ਕਿ ਖੇਡ ਸਟੇਡੀਅਮ ਮਾਧੋਪੁਰ, ਸਰਹਿੰਦ ਵਿਖੇ ਹੋਣ ਵਾਲੇ ਆਜ਼ਾਦੀ ਦਿਹਾੜੇ ਦੇ ਜ਼ਿਲਾ ਪੱਧਰੀ ਸਮਾਰੋਹ ਦੀ ਮੁਕੰਮਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਇਸ ਸਮਾਗਮ ਵਿੱਚ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦਾ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਇਸ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਸੁਤੰਤਰਤਾ ਸੰਗਰਾਮੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਇਕਲ, ਵੀਲ੍ਹ ਚੇਅਰ ਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ।

ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ ਤੇ ਐਂਬੂਲੈਂਸ, ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਤੇ ਸਮਾਗਮ ਵਾਲੇ ਸਥਾਨ ਦੀ ਸਾਫ ਸਫਾਈ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਪ੍ਰਬੰਧ ਕਰਨ ਲਈ ਵੀ ਕਿਹਾ।

ਸ਼੍ਰੀਮਤੀ ਅਮਰਬੀਰ ਕੌਰ ਭੁੱਲਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਾਰੇ ਵਿਭਾਗਾਂ ਦੇ ਸਮੁੱਚੇ ਸਟਾਫ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪ੍ਰਬੰਧ ਕਰਨ, ਬਾਗਬਾਨੀ ਵਿਭਾਗ ਨੂੰ ਸਮਾਗਮ ਵਾਲੇ ਸਥਾਨ ਦੀ ਡੈਕੋਰੇਸ਼ਨ ਸਬੰਧੀ ਤਿਆਰੀ ਕਰਨ ਦੇ ਆਦੇਸ਼ ਵੀ ਦਿੱਤੇ।
ਇਸ ਮੌਕੇ ਐਸ ਡੀ ਐਮ ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਰੀਜਨਲ ਟਰਾਂਸਪੋਰਟ ਅਫ਼ਸਰ ਨਮਨ ਮੜਕਣ, ਜਿਲ੍ਹਾ ਮਾਲ ਅਫ਼ਸਰ ਕਰਮਜੋਤ ਸਿੰਘ, ਸਿਵਲ ਸਰਜਨ ਰਵਿੰਦਰ ਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Leave a Reply

Your email address will not be published. Required fields are marked *