ਪੀਐਮ ਰਾਹਤ ਕੋਸ਼, ਰਾਹਵੀਰ ਅਤੇ ਫਰਿਸ਼ਤੇ ਸਕੀਮਾਂ ਨੂੰ ਸਮਾਂਬੱਧ ਲਾਗੂ ਕਰਨ ਲਈ ਨਿਰਦੇਸ਼ ਜਾਰੀ
ਬਲੈਕ ਸਪਾਟਾਂ ਦੇ ਸੁਧਾਰ, ਹਿੱਟ ਐਂਡ ਰਨ ਕੇਸਾਂ ਅਤੇ ਰੋਡ ਸੇਫਟੀ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਵੀਰ ਕੌਰ ਭੁੱਲਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਸੜਕ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਸੜਕ ਹਾਦਸਿਆਂ ਦੀ ਰੋਕਥਾਮ, ਟਰੈਫਿਕ ਪ੍ਰਬੰਧਾਂ ਅਤੇ ਮਾਨਯੋਗ ਸੁਪਰੀਮ ਕੋਰਟ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।
ਮੀਟਿੰਗ ਦੌਰਾਨ ਸੁਪਰੀਮ ਕੋਰਟ ਵਿੱਚ ਚੱਲ ਰਹੀਆਂ ਵੱਖ-ਵੱਖ ਰਿਟ ਪਟੀਸ਼ਨਾਂ ਸਬੰਧੀ ਜ਼ਿਲ੍ਹਾ ਪੱਧਰ ‘ਤੇ ਕੀਤੀ ਗਈ ਕਾਰਵਾਈ ਦੀ ਸਮੀਖਿਆ ਕੀਤੀ ਗਈ। ਖਾਸ ਤੌਰ ‘ਤੇ ਸੜਕਾਂ ‘ਤੇ ਪਸ਼ੂਆਂ ਦੀ ਆਵਾਜਾਈ, ਬੇਸਹਾਰਾ ਪਸ਼ੂਆਂ ਦੇ ਪ੍ਰਬੰਧਨ, ਸੜਕ ਹਾਦਸਿਆਂ ਦੀ ਰੋਕਥਾਮ ਸਬੰਧੀ ਹਦਾਇਤਾਂ ਦੀ ਪਾਲਣਾ ਬਾਰੇ ਸਬੰਧਤ ਵਿਭਾਗਾਂ ਤੋਂ ਰਿਪੋਰਟ ਪ੍ਰਾਪਤ ਕੀਤੀ ਗਈ।
ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਪੀ ਐਮ ਰਾਹਤ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੰਬਧਿਤ ਵਿਭਾਗ ਦੇ ਅਧਿਕਾਰੀਆ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਓਹਨਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸਕੀਮ ਸੰਬਧੀ ਆਪਣੇ ਵਿਭਾਗ ਦਾ ਨੋਡਲ ਅਫ਼ਸਰ ਤੈਨਾਤ ਕਰਨ ਤਾਂ ਜੋ ਇਸ ਸਕੀਮ ਸੰਬਧੀ ਜ਼ਮੀਨੀ ਪੱਧਰ ਤੇ ਲਾਗੂ ਕੀਤਾ ਜਾ ਸਕੇ। ਇਸਤੋਂ ਇਲਾਵਾ ਮੀਟਿੰਗ ਦੌਰਾਨ ਈ-ਡਾਰ (ਇਲੈਕਟ੍ਰਾਨਿਕ ਡਿਟੇਲਡ ਐਕਸੀਡੈਂਟ ਰਿਪੋਰਟ) ਪੋਰਟਲ ‘ਤੇ ਹਾਦਸਿਆਂ ਦੀ ਸਮੇਂ ਸਿਰ ਐਂਟਰੀ, ਰਾਹਵੀਰ ਸਕੀਮ, ਫਰਿਸ਼ਤੇ ਸਕੀਮ ਅਤੇ ਸੜਕ ਸੁਰੱਖਿਆ ਮਿੱਤਰ ਸਕੀਮ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ। ਉਹਨਾਂ ਜਿਲ੍ਹਾ ਸੂਚਨਾ ਅਫ਼ਸਰ ਨੂੰ ਕਿਹਾ ਕਿ ਇਹ ਜਿਲ੍ਹੇ ਦੀ ਵੈੱਬਸਾਈਟ ਤੇ ਇਹਨਾ ਸਕੀਮਾਂ ਸੰਬੰਧੀ ਪੂਰੀ ਜਾਣਕਾਰੀ ਅੱਪਲੋਡ ਕੀਤੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਿੱਟ ਐਂਡ ਰਨ ਮਾਮਲਿਆਂ ਵਿੱਚ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ, ਜ਼ਿਲ੍ਹੇ ਵਿੱਚ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਸੜਕ ਸੁਰੱਖਿਆ ਸਬੰਧੀ ਇਨਫੋਰਸਮੈਂਟ ਨੂੰ ਮਜ਼ਬੂਤ ਕਰਨ, ਸਕੂਲਾਂ ਅਤੇ ਕਾਲਜਾਂ ਵਿੱਚ ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਗਤੀਵਿਧੀਆਂ ਵਧਾਉਣ ਅਤੇ ਬਲੈਕ ਸਪਾਟਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਸੜਕਾਂ ‘ਤੇ ਲੋੜੀਂਦੇ ਸਾਈਨ ਬੋਰਡ, ਰੋਡ ਮਾਰਕਿੰਗ, ਸਪੀਡ ਕੰਟਰੋਲ ਉਪਾਅ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕ ਸੁਰੱਖਿਆ ਨੂੰ ਲੋਕ ਲਹਿਰ ਬਣਾਉਣ ਲਈ ਸਾਰੇ ਵਿਭਾਗ ਆਪਸੀ ਸਹਿਯੋਗ ਨਾਲ ਕੰਮ ਕਰਨ ਤਾਂ ਜੋ ਸੜਕ ਹਾਦਸਿਆਂ ਵਿੱਚ ਕਮੀ ਲਿਆ ਕੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।
ਮੀਟਿੰਗ ਵਿੱਚ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸ.ਡੀ.ਐਮ. ਖਮਾਣੋਂ ਅਰਵਿੰਦ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਦੀਪਜੌਤ ਕੌਰ, ਰਿਜਨਲ ਟਰਾਂਸਪੋਰਟ ਅਥਾਰਟੀ ਨਮਨ ਮੜਕਨ, ਡੀ.ਐਸ.ਪੀ. ਇੰਦਰਪ੍ਰੀਤ ਸਿੰਘ, ਡੀਡੀਪੀਓ ਜਸਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।