ਵਧੀਕ ਡਿਪਟੀ ਕਮਿਸ਼ਨਰ ਵੱਲੋਂ ਈ.ਓਜ਼ ਨੂੰ ਸ਼ਹਿਰੀ ਵਿਕਾਸ ਕਾਰਜ ਜਲਦ ਨੇਪਰੇ ਚੜ੍ਹਾਉਣ ਦੇ ਆਦੇਸ਼

ਕਿਹਾ; ਸ਼ਹਿਰੀ ਖੇਤਰਾਂ ਵਿੱਚ ਕੂੜੇ ਦੀ ਸੈਗਰੀਗੇਸ਼ਨ ਨੂੰ ਯਕੀਨੀ ਬਣਾਇਆ ਜਾਵੇ

ਫ਼ਤਹਿਗੜ੍ਹ ਸਾਹਿਬ, 28 ਮਾਰਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਹਰਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸ਼ਹਿਰੀ ਖੇਤਰ ਵਿਚਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੱਦੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸ਼ਹਿਰੀ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਤੇ ਇਸ ਸਬੰਧੀ ਵੱਧ ਤੋਂ ਵੱਧ ਚੈਕਿੰਗ ਯਕੀਨੀ ਬਣਾ ਕੇ ਕਾਨੂੰਨ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਜੋ ਵੀ ਵਿਕਾਸ ਕਾਰਜ ਕਰਵਾਉਣ ਦੀ ਲੋੜ ਹੈ, ਉਹਨਾਂ ਸਬੰਧੀ ਪ੍ਰਸਤਾਵ, ਪ੍ਰੋਜੈਕਟ ਰਿਪੋਰਟਾਂ ਤੇ ਐਸਟੀਮੇਟ ਤਿਆਰ ਕਰ ਕੇ ਲਿਆਂਦੇ ਜਾਣ ਤਾਂ ਜੋ ਉਹ ਪ੍ਰੋਜੈਕਟ ਸ਼ੁਰੂ ਕਰਵਾ ਕੇ ਲੋਕਾਂ ਨੂੰ ਹੋਰ ਬਿਹਤਰ ਸਹੂਲਤਾਂ ਦਿੱਤੀਆਂ ਜਾ ਸਕਣ।

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਅਧੀਨ ਆਉਂਦੇ ਖੇਤਰਾਂ ਵਿੱਚ ਅਜਿਹੇ ਪੰਜ-ਪੰਜ ਪਾਰਕਾਂ ਦੀ ਸ਼ਨਾਖਤ ਕੀਤੀ ਜਾਵੇ, ਜਿਨ੍ਹਾਂ ਦਾ ਨਵੀਨੀਕਰਨ ਕੀਤਾ ਜਾ ਸਕੇ। ਉਹਨਾਂ ਨੇ ਨਾਲ ਹੀ ਹਦਾਇਤ ਕੀਤੀ ਕਿ ਸ਼ਹਿਰੀ ਖੇਤਰਾਂ ਵਿੱਚ ਕੂੜੇ ਦੀ ਸੈਗਰੀਗੇਸ਼ਨ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਜਿਹੜੇ ਵੀ ਸੀਵੇਜ ਟ੍ਰੀਟਮੈਂਟ ਪਲਾਂਟ ਨਿਰਮਾਣ ਅਧੀਨ ਹਨ, ਉਹਨਾਂ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ।

ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਨੂੰ ਜਿਹੜੀ ਵੀ ਮਸ਼ੀਨਰੀ ਅਤੇ ਜਿੰਨੀ ਵੀ ਮੈਨ ਪਾਵਰ ਦੀ ਲੋੜ ਹੈ, ਉਸ ਦੀ ਡਿਮਾਂਡ ਦਿੱਤੀ ਜਾਵੇ। ਸ਼ਹਿਰੀ ਖੇਤਰਾਂ ਵਿੱਚ ਖੇਡ ਮੈਦਾਨ ਸਟੇਡੀਅਮ ਬਣਾਉਣ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਵੇ। ਸ਼ਹਿਰੀ ਖੇਤਰਾਂ ਵਿੱਚ ਐਲਈਡੀ ਸਟਰੀਟ ਲਾਈਟਾਂ ਲਾਉਣੀਆਂ ਯਕੀਨੀ ਬਣਾਈਆਂ ਜਾਣ।

ਇਸ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਦਿੱਤੀਆਂ ਕਿ ਪੰਜਾਬ ਸਰਕਾਰ ਵੱਲੋਂ ਜਿੰਨੀਆਂ ਵੀ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਉਹਨਾਂ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਹਰ ਯੋਗ ਲਾਭਪਾਤਰੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰ ਅਤੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *