ਪਿੰਡ ਪੱਧਰ ’ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਪ੍ਰਸ਼ਾਸਨ ਆਰੰਭੀ ਮੁਹਿੰਮ

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਉਦੇਸ਼ ਨਾਲ ਪਿੰਡ ਪੱਧਰ ’ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਆਰੰਭ ਕੀਤੀ ਗਈ ਹੈ। ਇਸੇ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਵੀ ਮੌਜੂਦ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨਾ ਇਸ ਮੁਹਿੰਮ ਦਾ ਮੁੱਖ ਉਦੇਸ਼ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਹੁਣ ਤੋਂ ਹੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹੇ ਵਿੱਚ ਚਲਾਈਆਂ ਜਾ ਰਹੀਆਂ ਦੋ ਪ੍ਰਚਾਰ ਵੈਨਾਂ ਵੱਲੋਂ ਲਗਾਤਾਰ 40 ਦਿਨਾਂ ਤੱਕ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾਵੇਗਾ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਖੇਤ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਨ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾਉਣ।

Leave a Reply

Your email address will not be published. Required fields are marked *