
ਪੰਜਾਬ ਸਰਕਾਰ ਨੇ ਫ਼ਸਲੀ ਰਹਿੰਦ ਖੂਹੰਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ 500 ਕਰੋੜ ਤੇ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੋਤਸਾਹਨ ਰਾਸ਼ੀ ਵਜੋਂ 40 ਕਰੋੜ ਰੁਪਏ ਰਾਖਵੇਂ ਰੱਖੇ
ਕਿਸਾਨਾਂ ਨੂੰ ਖਾਦਾਂ ਅਤੇ ਪਾਣੀ ਦੀ ਬੇਲੋੜੀ ਵਰਤੋਂ ਰੋਕਣ ਅਤੇ ਮਿੱਟੀ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਉਣ ਦਾ ਦਿੱਤਾ ਸੱਦਾ
ਫ਼ਤਹਿਗੜ੍ਹ ਸਾਹਿਬ, 29 ਮਈ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਫ਼ਤਹਿਗੜ੍ਹ ਸਾਹਿਬ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ ਕੀਤੀ। ਵਰਨਣਯੋਗ ਹੈ ਕਿ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੇਸ਼ ਦੇ 700 ਜ਼ਿਲ੍ਹਿਆਂ ਵਿੱਚ ਅੱਜ ਤੋਂ ਸ਼ੁਰੂ ਹੋਇਆ ਹੈ ਜਿਸ ਤਹਿਤ ਖੇਤੀ ਮਾਹਰਾਂ ਦੀਆਂ 2000 ਤੋਂ ਵੱਧ ਟੀਮਾਂ ਵੱਲੋਂ ਦੇਸ਼ ਦੇ 1.5 ਕਰੋੜ ਕਿਸਾਨਾਂ ਨਾਲ ਸਿੱਧਾ ਰਾਬਤਾ ਕੀਤਾ ਜਾਵੇਗਾ।
ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਸੂਬੇ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਖੇਤੀ ਮਾਹਰਾਂ ਦੀਆਂ ਟੀਮਾਂ ਰੋਜ਼ਾਨਾ ਪਿੰਡਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਆਈਆਂ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਗੀਆਂ। ਉਨ੍ਹਾਂ ਦੱਸਿਆ ਕਿ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪੰਜਾਬ ਦੇ 23 ਜਿਲ੍ਹਿਆਂ ਦੇ 12581 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਅਭਿਆਨ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਅਤੇ ਖੇਤੀ ਮਾਹਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਖੇਤੀ ਕਰਨ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਦਾ ਸਾਥ ਦਿੱਤਾ ਹੈ ਅਤੇ ਸਰਕਾਰ ਵੱਲੋਂ ਨਰਮ੍ਹੇ ਦੇ ਬੀਜ ਉਤੇ 33 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਝੋਨੇ ਦੀ ਸਿੱਧੀ ਬਿਜਾਈ ਦੀ ਯੋਜਨਾ ਅਧੀਨ 40 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਜੋ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਫ਼ਸਲੀ ਰਹਿੰਦ ਖੂਹੰਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ 500 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ । ਉਨ੍ਹਾਂ ਦੱਸਿਆ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਅਧੀਨ ਸਰਕਾਰ ਵੱਲੋਂ ਨਹਿਰਾਂ, ਸੂਇਆਂ ਤੇ ਕੱਸੀਆਂ ਨੂੰ ਪੱਕਾ ਕਰਨ ਦਾ ਕੰਮ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ ਅਤੇ ਹੁਣ ਤੱਕ 15000 ਕਿਲੋਮੀਟਰ ਤੱਕ ਦਾ ਕੰਮ ਮੁਕੰਮਲ ਹੋ ਚੁੱਕਾ ਹੈ।
ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਚਨਾ ਤਕਨਾਲੌਜੀ ਦੇ ਇਸ ਦੌਰ ਵਿੱਚ ਖੇਤੀਬਾੜੀ ਦੇ ਖੇਤਰ ਵਿੱਚ ਆਈਆਂ ਨਵੀਂਆਂ ਤਕਨੀਕਾਂ ਨੇ ਰਵਾਇਤੀ ਖੇਤੀ ਨੂੰ ਬਦਲ ਕੇ ਰੱਖ ਦਿੱਤਾ ਹੈ ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਖੇਤੀਬਾੜੀ ਵਿੱਚ ਆਧੁਨਿਕ ਤਕਨੀਕਾਂ ਨੂੰ ਅਪਣਾਉਣ ਨੂੰ ਤਰਜ਼ੀਹ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਖੇਤੀਬਾੜੀ ਦੇ ਸਹਾਇਕ ਧੰਦੇ ਵਜੋਂ ਪਸ਼ੂ ਪਾਲਣ ਦਾ ਧੰਦਾ ਸ਼ੁਰੂ ਕਰਨ ਤਾਂ ਜੋ ਉਨ੍ਹਾਂ ਦਾ ਆਰਥਿਕ ਪੱਧਰ ਉੱਚਾ ਹੋ ਸਕੇ। ਉਨ੍ਹਾਂ ਕਿਹਾ ਕਿ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਸੂਬੇ ਦੇ ਕਿਸਾਨਾਂ ਲਈ ਕਾਫੀ ਲਾਹੇਵੰਦ ਸਾਬਤ ਹੋਵੇਗਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੀਏਯੂ ਨੇ ਪੰਜਾਬ ਦੇ ਅਰਥਚਾਰੇ ਨੂੰ ਹਰੀ ਕ੍ਰਾਂਤੀ ਰਾਹੀਂ ਨਵੇਂ ਮੁਕਾਮ ਤੇ ਪਹੁੰਚਾਇਆ ਹੈ। ਹੁਣ ਖੇਤੀ ਦੇ ਬਦਲਦੇ ਦ੍ਰਿਸ਼ ਵਿਚ ਇਹ ਸੰਸਥਾ ਨਵੇਂ ਪੰਜਾਬ ਦੀ ਨੀਂਹ ਰੱਖ ਰਹੀ ਹੈ। ਪੰਜਾਬ ਦੇ ਨੌਜਵਾਨਾਂ ਵਿੱਚ ਉੱਦਮ ਵਿਕਾਸ ਦੀ ਲੋੜ ਉੱਪਰ ਜ਼ੋਰ ਦਿੰਦਿਆਂ ਸ੍ਰੀ ਖੁੱਡੀਆਂ ਨੇ ਕਿਹਾ ਕਿ ਸਾਨੂੰ ਨਵੇਂ ਯੁੱਗ ਲਈ ਨਾ ਕੇਵਲ ਖੇਤੀ ਵਿਗਿਆਨੀ ਚਾਹੀਦੇ ਹਨ ਸਗੋਂ ਖੇਤੀ ਕਰਨ ਵਾਲੇ ਅਨੁਭਵੀ ਕਿਸਾਨਾਂ ਦੀ ਵੀ ਲੋੜ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਖਾਦਾਂ ਅਤੇ ਪਾਣੀ ਦੀ ਬੇਲੋੜੀ ਵਰਤੋਂ ਰੋਕਣ ਅਤੇ ਮਿੱਟੀ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ। ਮੀਂਹ ਦੇ ਪਾਣੀ ਦੀ ਸੰਭਾਲ ਦੀਆਂ ਤਕਨੀਕਾਂ ਦੀ ਵਰਤੋਂ ਅਤੇ ਸਹਾਇਕ ਧੰਦਿਆਂ ਨੂੰ ਸਮੇਂ ਦੀ ਲੋੜ ਦੱਸਿਆ। ਪੰਜਾਬ ਦੇ ਨੌਜਵਾਨਾਂ ਨੂੰ ਖੇਤੀ ਅਪਣਾਉਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਅਤੇ ਪਸ਼ੂ ਪਾਲਣ ਦੀਆਂ ਨਵੀਆਂ ਅਤੇ ਉੱਤਮ ਤਕਨੀਕਾਂ ਬਾਰੇ ਜਾਣਕਾਰੀ ਦੇਣਾ, ਕਿਸਾਨਾਂ ਨੂੰ ਖੇਤੀਬਾੜੀ ਵਿਕਾਸ ਨਾਲ ਸਬੰਧਤ ਭਾਰਤ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਵਾਉਣਾ, ਜਮੀਨੀ ਪੱਧਰ ਤੇ ਜਾ ਕੇ ਕਿਸਾਨਾਂ ਦੀਆਂ ਲੋੜਾਂ ਨੂੰ ਸਮਝਣਾ ਅਤੇ ਨਾਲ ਹੀ ਕਿਸਾਨਾਂ ਦੁਆਰਾ ਵਿਕਸਤ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਬਾਰੇ ਫੀਡਬੈਕ ਦੇਣੀ ਹੈ। ਇਸ ਮੌਕੇ ਡਾ: ਪਰਵਿੰਦਰ ਸ਼ੇਰੋਨ, ਡਾਇਰੈਕਟਰ ਅਟਾਰੀ ਵਲੋਂ ਅਭਿਆਨ ਬਾਰੇ ਵਿਸਥਾਰ ਵਿਚ ਜਾਣਕਾਰੀ ਦਿਤੀ ਗਈ।
ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਡਾ. ਰਵਿੰਦਰ ਸਿੰਘ ਨਿਰਦੇਸ਼ਕ ਪਸਾਰ ਸਿੱਖਿਆ, , ਡਾ: ਪਰਵਿੰਦਰ ਸ਼ੇਰੋਨ, ਡਾਇਰੈਕਟਰ ਅਟਾਰੀ, ਗੁਰੁ ਅੰਗਦ ਦੇਵ ਵੇਟਨਰੀ ਅਤੇ ਅੇਨੀਮਲ ਸਾਇਂਸ ਯੂਨੀਵਰਸਿਟੀ, ਡਾ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਵਿਭਾਗ, ਸ ਅਰਵਿੰਦ ਕੁਮਾਰ, ਐਸ.ਡੀ. ਐਮ, ਡਾ. ਨਾਚੀਕੇਤ ਕੋਤਲੀਵਾਲੇ, ਡਾਇਰੈਕਟਰ, ਆਈ ਸੀ ਏ ਆਰ-ਸੀਫੇਟ, ਡਾ. ਐਚ ਐਸ ਜਾਟ, ਡਾਇਰੈਕਟਰ, ਆਈ ਆਈ ਐਮ ਆਰ, ਡਾ. ਗੁਰਨਾਮ ਸਿੰਘ, ਡਾ. ਜੀ. ਪੀ. ਐਸ. ਸੋਢੀ, ਖੇਤੀਬਾੜੀ ਅਫਸਰ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ, ਡਾ. ਹਰਦੀਪ ਸਿੰਘ ਸਭਿੱਖੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।