ਡਿਪਟੀ ਕਮਿਸ਼ਨਰ ਅਰਪ੍ਰੀਤ ਕੌਰ ਸੰਧੂ ਵੱਲੋਂ ਜ਼ਿਲ੍ਹੇ ਦੇ ਐੱਸ ਡੀ ਐਮਜ਼ ਸਮੇਤ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਅਧਿਕਾਰੀਆਂ ਵੱਲੋਂ ਕਣਕ ਦੀ ਖ਼ਰੀਦ ਤੇ ਲਿਫਟਿੰਗ ਸਬੰਧੀ ਕੀਤੇ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ਵਿੱਚ ਬਾਰਦਾਨੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਤੇ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਹਾਜ਼ਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਹਰ ਮੰਡੀ ਵਿੱਚ ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਸੁਚਾਰੂ ਅਤੇ ਪਾਰਦਰਸ਼ੀ ਬਣਾਇਆ ਜਾਵੇ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਮੰਡੀਆਂ ਵਿੱਚ ਪਹੁੰਚ ਕੇ ਮੌਕੇ ‘ਤੇ ਕੀਤੇ ਪ੍ਰਬੰਧਾਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਬਣਾਉਣ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਮੰਡੀਆਂ ਵਿੱਚ ਆਈ ਫਸਲ ਦੀ ਸਮੇਂ ਸਿਰ ਖਰੀਦ, ਭੁਗਤਾਨ ਅਤੇ ਤੇਜ਼ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ। ਇਸ ਲਈ ਸਾਰੀਆਂ ਖਰੀਦ ਏਜੰਸੀਆਂ—ਮਾਰਕਫੈੱਡ, ਪਨਗ੍ਰੇਨ, ਪਨਸਪ ਅਤੇ ਪੀ.ਐਸ.ਡਬਲਯੂ.ਸੀ ਪੂਰੀ ਤਰ੍ਹਾਂ ਐਕਟਿਵ ਰਹਿਣ ਤੇ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਤੇ ਲੇਬਰ ਲਈ ਸਾਫ-ਸੁਥਰਾ ਪ੍ਰਬੰਧ, ਪੀਣ ਵਾਲਾ ਪਾਣੀ, ਬਿਜਲੀ, ਛਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਰੋਜ਼ ਮੰਡੀਆਂ ਦੀ ਰਿਪੋਰਟਿੰਗ ਕੀਤੀ ਜਾਵੇ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਟਾਈ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਸਰਕਾਰ ਵੱਲੋਂ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਇਸ ਲਈ ਕਿਸਾਨ ਵੀਰ ਬਿਲਕੁਲ ਨਾ ਘਬਰਾਉਣ ।
ਉਨ੍ਹਾਂ ਕਿ ਵੱਧ ਬਰਸਾਤਾਂ ਤੇ ਮੌਸਮ ਵਿੱਚ ਆਈ ਖਰਾਬੀ ਕਾਰਨ ਨਮੀ ਦੀ ਮਾਤਰਾ ਵਧੀ ਹੈ,ਇਸ ਲਈ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਆਪਣੇ ਕਣਕ ਸਾਫ ਕਰਨ ਵਾਲੇ ਪੱਖੇ ਤੇ ਆਧੁਨਿਕ ਮਸ਼ੀਨਰੀ ਵਰਤ ਕੇ ਕਿਸਾਨਾਂ ਦੀ ਕਣਕ ਵਿੱਚੋਂ ਵਾਧੂ ਨਮੀ ਨੂੰ ਘਟਾਉਣ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਹ ਸਾਂਝਾ ਯਤਨ ਕਿਸਾਨਾਂ ਦੇ ਹਿੱਤ ਵਿੱਚ ਹੈ ਅਤੇ ਇਸ ਨਾਲ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ।
ਅੰਤ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਪਰੇਸ਼ਾਨੀ ਨਾ ਆਵੇ।
ਇਸ ਮੌਕੇ ਡੀਐਫਐਸਸੀ ਸ੍ਰੀਮਤੀ ਵੰਦਨਾ ਕੰਬੋਜ,ਐਸਡੀਐਮ ਸ੍ਰੀ ਗੁਜਰਾਜ ਸਿੰਘ,ਸ੍ਰੀ ਕੰਵਰਜੀਤ ਸਿੰਘ, ਸ੍ਰੀ ਰਵਿੰਦਰ ਅਰੋੜਾ ਆਦਿ ਅਧਿਕਾਰੀ ਹਾਜ਼ਰ ਸਨ।
