ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ, ਪਾਰਦਰਸ਼ੀ ਅਤੇ ਸੁਰੱਖਿਅਤਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ: ਡਾ. ਸੋਨਾ ਥਿੰਦ

ਜਿ਼ਲ੍ਹਾ ਚੋਣਕਾਰ ਅਫ਼ਸਰ —ਕਮ —ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਪੰਜਾਬ ਰਾਜ ਚੋਣ ਕਮਿਸ਼ਨ ਦੀ ਤਰਫੋਂ ਤਾਇਨਾਤ ਚੋਣ ਅਬਜਰਵਰ ਜਗਜੀਤ ਸਿੰਘ ਦੀ ਮੌਜੂਦਗੀ ਵਿੱਚ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਜਿ਼ਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਜਿ਼ਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਵੋਟਿੰਗ ਬੈਲਟ ਪੇਪਰਾਂ ਨਾਲ ਹੋਵੇਗੀ।

ਜਿ਼ਲ੍ਹਾ ਚੋਣਕਾਰ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ 14 ਦਸੰਬਰ ਨੂੰ ਵੋਟਾਂ ਸਵੇਰੇ 8 ਵਜੇ ਤੋਂਸ਼ਾਮ 4 ਵਜੇ ਤੱਕ ਪੈਣਗੀਆਂ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ। ਉਨ੍ਹਾਂ ਨੇ ਜਿ਼ਲ੍ਹੇ ਦੀਆਂ ਮਹਿਲਾ ਵੋਟਰਾਂ ਸਮੇਤ ਸਾਰੇ ਹੀ ਵੋਟਰਾਂ ਨੂੰ ਬਿਨਾਂ ਕਿਸੇ ਡਰ ਅਤੇ ਲਾਲਚ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।ਉਨ੍ਹਾਂ ਨੇ ਦੱਸਿਆ ਕਿ ਤੀਜੀ ਰਿਹਰਸਲ ਅਤੇ ਪੋਲਿੰਗ ਪਾਰਟੀਆਂ ਦੀ ਰਵਾਨਗੀ 13 ਦਸੰਬਰ ਨੂੰ ਹੋਵੇਗੀ।

ਜਿ਼ਲ੍ਹਾ ਚੋਣਕਾਰ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਆਬਕਾਰੀ ਕਮਿਸ਼ਨਰ ਪੰਜਾਬ ਵੱਲੋਂ ਪੰਜਾਬ ਦੀਆਂ ਜਿ਼ਲ੍ਹਾ ਪਰਿਸ਼਼ਦਾਂ ਅਤੇ ਪੰਚਾਇਤ ਸੰਮਤੀਆਂ ਅਧੀਨ ਪੈਂਦੇ ਪਿੰਡਾਂ ਵਿੱਚ 14 ਦਸੰਬਰ 2025 ਨੂੰ 00.00 ਵਜੇ ਤੋਂ 15 ਦਸੰਬਰ ਨੂੰ ਸਵੇਰੇ 10 ਵਜੇ ਤੱਕ ਚੋਣਾਂ ਵਾਲਾ ਦਿਨ ਡਰਾਈ ਡੇਅ ਘੋਸਿ਼ਤ ਕੀਤਾ ਗਿਆ ਹੈ ਅਤੇ ਇਨ੍ਹਾਂ ਹੁਕਮਾਂ ਨੂੰ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਇੰਨ ਬਿੰਨ ਲਾਗੂ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਮੀਟਿੰਗ ਦੌਰਾਨ ਵੋਟਾਂ ਦੀ ਗਿਣਤੀ ਵਾਲੇ ਦਿਨ ਲਈ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਲਈ ਵੀ ਆਦੇਸ਼ ਦਿੱਤੇ ਗਏ। ਉਨ੍ਹਾਂ ਚੋਣ ਅਮਲ ਵਿੱਚ ਲੱਗੇ ਸਮੁੱਚੇ ਅਮਲੇ ਨੂੰ ਹਦਾਇਤ ਕੀਤੀ ਕਿ ਆਪਣੀ ਡਿਊਟੀ ਬਿਨਾਂ ਕਿਸੇ ਪੱਖਪਾਤ ਤੋਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈ ਜਾਵੇ ਤਾਂ ਜੋ ਇਸ ਲੋਕਤੰਤਰੀ ਪ੍ਰਕਿਰਿਆ ਦੀ ਪਵਿੱਤਰਤਾ ਬਰਕਰਾਰ ਰਹੇ।

ਮੀਟਿੰਗ ਦੌਰਾਨ ਵਧੀਕ ਜਿ਼ਲ੍ਹਾ ਚੋਣ ਅਫ਼ਸਰ—ਕਮ—ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ—ਕਮ—ਰਿਟਰਨਿੰਗ ਅਫ਼ਸਰ ਜਿ਼ਲ੍ਹਾ ਪਰਿਸ਼ਦ ਚੋਣਾਂ ਪੂਜਾ ਸਿਆਲ ਗਰੇਵਾਲ, ਰਿਟਰਨਿੰਗ ਅਫ਼ਸਰਾਂ ਵਿੱਚ ਸੂਬਾ ਸਿੰਘ, ਸ਼ੰਕਰ ਸ਼ਰਮਾ, ਚੇਤਨ ਬੰਗੜ, ਹਰਵੀਰ ਕੌਰ, ਰਮਨਦੀਪ ਕੌਰ ਤੇ ਦਮਨ ਝਾਂਜੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *