ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ਦਾ ਐਲਾਨ

ਫਤਹਿਗੜ੍ਹ ਸਾਹਿਬ, 18 ਦਸੰਬਰ:ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੀਤੀ 17 ਦਸੰਬਰ ਨੂੰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦੀ ਹੋਈ ਗਿਣਤੀ ਤੋਂ ਬਾਅਦ ਚੋਣ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ -ਕਮ -ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਦੇ 10 ਜ਼ੋਨਾਂ ਅਤੇ ਪੰਚਾਇਤ ਸੰਮਤੀ ਦੇ 75 ਜ਼ੋਨਾਂ ਦੇ ਚੋਣ ਨਤੀਜੇ ਸਬੰਧਿਤ ਰਿਟਰਨਿੰਗ ਅਫਸਰਾਂ ਦੀ ਨਿਗਰਾਨੀ ਹੇਠ ਹੋਈ ਗਿਣਤੀ ਪ੍ਰਕਿਰਿਆ ਦੌਰਾਨ ਘੋਸ਼ਿਤ ਕੀਤੇ ਗਏ ਹਨ।

ਜ਼ਿਲ੍ਹਾ ਚੋਣਕਾਰ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਪੰਚਾਇਤ ਸੰਮਤੀਆਂ ਦੇ ਕੁੱਲ 77 ਜੋਨ ਦੇ ਘੋਸ਼ਿਤ ਨਤੀਜਿਆ ਤਹਿਤ 50 ਜ਼ੋਨਾਂ ਵਿੱਚ ਆਮ ਆਦਮੀ ਪਾਰਟੀ, 14 ਜ਼ੋਨਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ, 9 ਜ਼ੋਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ, 1 ਜ਼ੋਨ ਵਿੱਚ ਭਾਰਤੀ ਜਨਤਾ ਪਾਰਟੀ ਅਤੇ 3 ਜ਼ੋਨਾਂ ਵਿੱਚ ਆਜ਼ਾਦ ਉਮੀਦਵਾਰ ਜੇਤੂ ਰਹੇ ਹਨ।

ਜ਼ਿਲ੍ਹਾ ਚੋਣਕਾਰ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਜ਼ਿਲ੍ਹਾ ਪਰਿਸ਼ਦ -ਕਮ -ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ 10 ਜ਼ੋਨਾਂ ਵਿੱਚੋਂ 8 ਜ਼ੋਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ, 1 ਜ਼ੋਨ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਅਤੇ 1 ਜ਼ੋਨ ਵਿੱਚ ਆਜ਼ਾਦ ਉਮੀਦਵਾਰ ਜੇਤੂ ਰਹੇ। ਉਨ੍ਹਾਂ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਜ਼ੋਨ ਮਾਧੋਪੁਰ, ਮੁੱਲੇਪੁਰ, ਚਨਾਰਥਲ ਕਲਾਂ, ਖੇੜਾ, ਫਤਿਹਪੁਰ ਅਰਾਈਆਂ, ਹਵਾਰਾ ਕਲਾਂ, ਸੌਂਟੀ ਅਤੇ ਬੁੱਗਾ ਕਲਾਂ ਵਿੱਚ ਆਮ ਆਦਮੀ ਪਾਰਟੀ ਜਦ ਕਿ ਧਨੌਲਾ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਅਤੇ ਚੁੰਨੀ ਕਲਾਂ ਵਿੱਚ ਆਜ਼ਾਦ ਉਮੀਦਵਾਰ ਜੇਤੂ ਰਹੇ।

Leave a Reply

Your email address will not be published. Required fields are marked *