ਸਿਹਤ ਵਿਭਾਗ ਵੱਲੋਂ ਅਬੋਹਰ ਵਿਖੇ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ : ਡਾ. ਰੋਹਿਤ ਗੋਇਲ ਸਿਵਲ ਸਰਜਨ

ਡਾਕਟਰ ਰੋਹਿਤ ਗੋਇਲ ਸਿਵਲ ਸਰਜਨ ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਡਾਕਟਰ ਅਰਪਿਤ ਗੁਪਤਾ ਸਹਾਇਕ ਸਿਵਲ ਸਰਜਨ ਅਤੇ ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ ਦੀ ਦੇਖ ਰੇਖ ਵਿੱਚ ਜਿਲਾ ਫਾਜ਼ਿਲਕਾ ਵਿਖੇ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਅਬੋਹਰ ਸ਼ਹਿਰੀ ਖੇਤਰਾਂ ਵਿੱਚ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੁਰੇਸ਼ ਕੰਬੋਜ ਦੀ ਅਗਵਾਈ ਵਿੱਚ ਲਗਾਤਾਰ ਬਰੀਡਿੰਗ ਚੈਕਿੰਗ, ਐਂਟੀ ਲਾਰਵਾ ਸਪਰੇ ਅਤੇ ਪੋਜੀਟਿਵ ਮਰੀਜ਼ ਪਾਏ ਜਾਣ ਵਾਲੇ ਖੇਤਰਾਂ ਵਿੱਚ ਫੋਗਿੰਗ ਕਰਵਾਈ ਜਾ ਰਹੀ ਹੈ। 

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਸੁਰੇਸ਼ ਕੰਬੋਜ ਨੇ ਦੱਸਿਆ ਕਿ ਸ਼ਹਿਰ ਵਿੱਚ ਡੇਂਗੂ ਦੇ ਪੰਜ ਮਰੀਜ਼ ਪੋਜੀਟਿਵ ਆ ਚੁੱਕੇ ਹਨ, ਜੋ ਕਿ ਈਦਗਾਹ ਬਸਤੀ, ਨਾਨਕ ਨਗਰੀ, ਧਰਮ ਨਗਰੀ, ਗਊਸ਼ਾਲਾ ਰੋਡ ਅਤੇ ਨਵੀਂ ਆਬਾਦੀ ਵਿਖੇ ਪੋਜਟਿਵ ਪਾਇਆ ਗਿਆ ਸੀ। ਉਹਨਾਂ ਦੱਸਿਆ ਕਿ ਇਹਨਾਂ ਏਰੀਆ ਵਿੱਚ ਨਗਰ ਨਿਗਮ ਦੇ ਸਹਿਯੋਗ ਨਾਲ ਫੋਗਿੰਗ ਕਰਵਾ ਦਿੱਤੀ ਗਈ ਹੈ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਬਰੀਡਿੰਗ ਚੈੱਕਰਾਂ ਵੱਲੋਂ ਚੈਕਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।


ਡਾ. ਰੋਹਿਤ ਗੋਇਲ ਅਤੇ ਡਾ. ਅਰਪਿਤ ਗੁਪਤਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੱਜ ਟੀਮਾਂ ਗਠਿਤ ਕਰਕੇ ਜਿੱਥੇ ਜਿੱਥੇ ਪੋਜ਼ੀਟਿਵ ਕੇਸ ਮਿਲਿਆ ਹੋਇਆ ਉਥੇ ਆਲੇ ਦੁਆਲੇ ਵਿੱਚ ਘਰ ਘਰ ਸਰਵੇ ਕਰਕੇ ਲਾਰਵਾ ਲੱਭਿਆ ਗਿਆ ਅਤੇ ਨਸ਼ਟ ਕੀਤਾ ਗਿਆ। ਉਹਨਾਂ ਦੱਸਿਆ ਕਿ ਡੇਂਗੂ ਸੰਕ੍ਰਮਿਤ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ। ਇਸ ਲਈ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜਰੂਰ ਸਾਫ਼ ਕਰੋ, ਕੱਪੜੇ ਅਜਿਹੇ ਪਾਓ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟੇ, ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦਾ ਇਸਤੇਮਾਲ ਕਰੋ, ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਸਿਰਫ਼ ਪੈਰਾਸੀਟਾਮੋਲ ਗੋਲੀ ਹੀ ਲਵੋ, ਛੱਤਾਂ ਤੇ ਰੱਖੀਆਂ ਪਾਣੀ ਦੀਆ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁਲ੍ਹੇ ਵਿੱਚ ਨਾ ਰੱਖੋ ਅਤੇ ਵਧੇਰੇ ਮਾਤਰਾ ਵਿੱਚ ਤਰਲ ਪਦਾਰਥ ਲਓ ਅਤੇ ਸੰਤੁਲਿਤ ਭੋਜਨ ਖਾਓ।


ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਐਨਵੀਬੀਡੀਸੀਪੀ ਟੀਮ ਇੰਚਾਰਜ ਟਹਿਲ ਸਿੰਘ ਅਤੇ ਭਾਰਤ ਸੇਠੀ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਨਗਰ ਕੌਂਸਲ ਦੇ ਸਹਿਯੋਗ ਨਾਲ ਡੇਂਗੂ ਪਾਜ਼ੇਟਿਵ ਘਰਾਂ ਵਿੱਚ ਅਤੇ ਸਾਰੇ ਮੁਹੱਲੇ ਵਿੱਚ ਗਲੀਆਂ ਵਿੱਚ ਫੋਗਿੰਗ ਕਰਵਾਈ ਗਈ। ਘਰਾਂ ਅਤੇ ਮੁਹੱਲਿਆਂ ਵਿੱਚ ਲੋੜ ਅਨੁਸਾਰ ਸਪ੍ਰੇਅ ਵੀ ਕਰਵਾਈ ਗਈ ਅਤੇ ਨਾਲ ਹੀ ਲੋਕਾਂ ਨੂੰ ਜ਼ਾਗਰੂਕ ਕੀਤਾ ਗਿਆ। ਉਹਨਾਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਰੱਖ ਕੇ ਡੇਂਗੂ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਪਿੱਛੇ ਦਰਦ, ਸਿਰ ਦਰਦ, ਚਮੜੀ ਤੇ ਦਾਣੇ ਅਤੇ ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਆਵੇ ਤਾਂ ਜਲਦੀ ਤੋਂ ਜਲਦੀ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਟੈਸਟ ਅਤੇ ਇਲਾਜ ਕਰਵਾਓ। ਡੇਂਗੂ ਦਾ ਟੈਸਟ ਅਤੇ ਇਲਾਜ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *