ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਜੀ ਦੀ ਉਚੇਚੀ ਨਿਗਰਾਨੀ ਅਤੇ ਡਾਕਟਰ ਰੇਹਿਤ ਗੋਇਲ ਸਹਾਇਕ ਸਿਵਲ ਸਰਜਨ, ਡਾਕਟਰ ਐਰਿਕ ਸੀਨੀਅਰ ਮੈਡੀਕਲ ਅਫਸਰ ਅਤੇ ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਿਮੈਲੋਜਿਸਟ ਦੀ ਦੇਖਰੇਖ ਵਿੱਚ ‘ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ’ ਮੁਹਿੰਮ ਅਧੀਨ ਜਿਲ੍ਹਾ ਫਾਜ਼ਿਲਕਾ ਦੇ ਵੱਖ ਵੱਖ ਹਾਈ ਰਿਸਕ ਅਤੇ ਸਲੱਮ ਏਰੀਏ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਅੱਜ ਜਟੀਆਂ ਮੁਹੱਲਾ, ਰਾਧਾ ਸੁਆਮੀ ਕਲੋਨੀ, ਰੇਲਵੇ ਕਲੋਨੀ ਅਤੇ ਬਿਜਲੀ ਬੋਰਡ ਦਫਤਰ ਤੇ ਨਾਲ ਲੱਗਦੇ ਸਲੱਮ ਏਰੀਆ ਆਦਿ ਵਿੱਚ ਲਾਰਵਾ ਲੱਭ ਕੇ ਨਸ਼ਟ ਕੀਤਾ ਗਿਆ।
ਡਾਕਟਰ ਸੁਨੀਤਾ ਕੰਬੋਜ ਜਿਲ੍ਹਾ ਐਪੀਡਿਮੈਲੋਜਿਸਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਰੱਖ ਕੇ ਹੀ ਡੇਂਗੂ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜਿਆਦਾਤਰ ਦਿਨ ਵੇਲੇ ਹੀ ਕੱਟਦਾ ਹੈ। ਪੰਜਾਬ ਸਰਕਾਰ ਦੀ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਹਰੇਕ ਸ਼ੁੱਕਰਵਾਰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਖਾਲੀ ਕਰ ਕੇ ਦੁਬਾਰਾ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜਰੂਰ ਸਾਫ ਕਰੋ, ਕੱਪੜੇ ਅਜਿਹੇ ਪਾਓ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟੇ, ਸੌਣ ਵੇਲੇ ਮੱਛਰਦਾਨੀ ਦਾ ਇਸਤੇਮਾਲ ਕਰੋ, ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਸਿਰਫ ਪੈਰਾਸੀਟਾਮੋਲ ਗੋਲੀ ਹੀ ਲਵੋ, ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁਲ੍ਹੇ ਵਿੱਚ ਨਾ ਰੱਖੋ ਅਤੇ ਵਧੇਰੇ ਮਾਤਰਾ ਵਿੱਚ ਤਰਲ ਪਦਾਰਥ ਲਓ ਅਤੇ ਸੰਤੁਲਿਤ ਭੇਜਨ ਖਾਓ।
ਉਹਨਾਂ ਦੱਸਿਆ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਪਿੱਛੇ ਦਰਦ, ਸਿਰ ਦਰਦ, ਚਮੜੀ ਤੇ ਦਾਣੇ ਅਤੇ ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਆਵੇ ਤਾਂ ਜਲਦੀ ਤੋਂ ਜਲਦੀ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਟੈਸਟ ਅਤੇ ਇਲਾਜ ਕਰਵਾਓ। ਡੇਂਗੂ ਦਾ ਟੈਸਟ ਅਤੇ ਇਲਾਜ ਸਿਹਤ ਵਿਭਾਗ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਦੌਰਾਨ ਮਲਟੀ ਪਰਪਜ਼ ਹੈਲਥ ਵਰਕਰ ਵਿੱਕੀ ਕੁਮਾਰ, ਸਵਰਨ ਸਿੰਘ, ਗੁਰਜੀਤ ਸਿੰਘ, ਇੰਦਰਜੀਤ ਸਿੰਘ, ਵਿਕਾਸ ਕੁਮਾਰ, ਇਨਸੈਕਟ ਕਲੈਕਟਰ ਮਨਜੋਤ ਸਿੰਘ, ਅਤਿੰਦਰ ਸਿੰਘ, ਨਰਸਿੰਗ ਵਿਦਿਆਰਥੀ ਅਤੇ ਬਰੀਡ ਚੈੱਕਰ ਹਾਜ਼ਰ ਸਨ।
“ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਜਿਲ੍ਹਾ ਫ਼ਾਜ਼ਿਲਕਾ ਦੇ ਹਾਈ ਰਿਸਕ ਅਤੇ ਸਲੱਮ ਏਰੀਏ ਵਿੱਚ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ
