ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਆਰੰਭੀ ਗਈ ‘ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਨੂੰ ਹੁਣ ਜ਼ਮੀਨੀ ਪੱਧਰ ’ਤੇ ਆਮ ਲੋਕਾਂ ਦਾ ਵੱਡਾ ਸਹਿਯੋਗ ਮਿਲਣਾ ਸ਼ੁਰੂ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਕੀਤੀਆਂ ਜਾ ਰਹੀਆਂ ਜਾਗਰੂਕਤਾ ਮੀਟਿੰਗਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਨਾਗਰਿਕ ਨਸ਼ਿਆਂ ਦੀ ਅਲਾਮਤ ਵਿਰੁੱਧ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕਰ ਰਹੇ ਹਨ ਅਤੇ ਇਸਨੂੰ ਜੜ੍ਹੋਂ ਪੁੱਟਣ ਲਈ ਅੱਗੇ ਆ ਰਹੇ ਹਨ।
ਕੰਧਵਾਲੀਆ ਨੇ ਅੱਗੇ ਦੱਸਿਆ ਕਿ ਆਮ ਲੋਕਾਂ ਵੱਲੋਂ ਨਸ਼ਾ ਤਸਕਰੀ ਨਾਲ ਸਬੰਧਤ ਗੁਪਤ ਸੂਚਨਾਵਾਂ ਅਤੇ ਸ਼ਿਕਾਇਤਾਂ ‘ਸੇਫ ਪੰਜਾਬ’ ਪੋਰਟਲ/ਮਾਧਿਅਮ ਰਾਹੀਂ ਵੀ ਵੱਡੇ ਪੱਧਰ ’ਤੇ ਦਰਜ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਤਾਲਮੇਲ ਨਾਲ ਫਾਜ਼ਿਲਕਾ ਜ਼ਿਲ੍ਹੇ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾ ਕੇ ਇਸ ਨੂੰ ਇੱਕ ਸੱਚੀ ਲੋਕ ਲਹਿਰ ਬਣਾਉਣ ਲਈ ਨਿਰੰਤਰ ਯਤਨ ਜਾਰੀ ਹਨ।
ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਸਮਾਜ ਦੇ ਹਰ ਵਰਗ ਦਾ ਸਹਿਯੋਗ ਅਤੇ ਲੋਕਾਂ ਦੀ ਸਰਗਰਮ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਕੋਹੜ ਤੋਂ ਬਚਾਇਆ ਜਾ ਸਕੇ।