ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਦੀ ਉਚੇਚੀ ਨਿਗਰਾਨੀ ਵਿੱਚ ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਦੇਖਰੇਖ ਵਿੱਚ ਜ਼ਿਲ੍ਹਾ ਫਾਜਿਲਕਾ ਵਿੱਚ ਅੱਖਾਂ ਦਾਨ ਕਰਨ ਸਬੰਧੀ ਪੰਦਰਵਾੜਾ ਅੱਜ 8 ਸਤੰਬਰ 2025 ਤੱਕ ਮਨਾਇਆ ਗਿਆ। ਇਸ ਸਬੰਧੀ ਡਾ. ਰੋਹਿਤ ਗੋਇਲ ਨੇ ਦੱਸਿਆ ਕਿ ਇਸ ਪੰਦਰਵਾੜਾ ਦੌਰਾਨ ਸਿਹਤ ਵਿਭਾਗ ਦਾ ਸਟਾਫ਼ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਸਬੰਧੀ ਪ੍ਰੇਰਿਤ ਕੀਤਾ ਗਿਆ। ਉਹਨਾਂ ਆਮ ਲੋਕਾਂ ਅਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਮਰਨ ਉਪਰੰਤ ਵੱਧ ਤੋਂ ਵੱਧ ਅੱਖਾਂ ਦਾਨ ਕੀਤੀਆ ਜਾਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦਾ ਸਹਿਯੋਗ ਦਿੱਤਾ ਜਾਵੇ।
ਇਸੇ ਤਹਿਤ ਹੀ ਸਿਵਲ ਹਸਪਤਾਲ ਫਾਜਿਨਕਾ ਵਿਖੇ ਡਾ. ਐਰਿਕ ਦੀ ਦੇਖਰੇਖ ਵਿੱਚ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਡਾਕਟਰ ਅਭਿਨਵ ਸਚਦੇਵਾ, ਅਰਸ਼ਿਤਾ ਆਪਥਾਲਮਿਕ ਅਫ਼ਸਰ ਨੇ ਦੱਸਿਆ ਕਿ ਚਿੱਟੇ ਅਤੇ ਕਾਲੇ ਮੋਤੀਆ ਦੇ ਕਾਰਨ ਲੋਕ ਸਥਾਈ ਅਤੇ ਅਸਥਾਈ ਤੌਰ ਤੇ ਅੰਨ੍ਹੇਪਣ ਦਾ ਸ਼ਿਕਾਰ ਹੋ ਰਹੇ ਹਨ। ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਘੱਟ ਹੋਣ ਕਾਰਨ ਅੰਨ੍ਹੇਪਣ ਦੇ ਸ਼ਿਕਾਰ ਲੋਕਾਂ ਦੀ ਗਿਣਤੀ ਹਰ ਸਾਲ ਵਧ ਰਹੀ ਹੈ।

ਅੱਖਾਂ ਦਾਨ ਕਰਨ ਵਾਲਾ ਇੱਕ ਵਿਅਕਤੀ ਦੋ ਲੋਕਾਂ ਨੂੰ ਰੋਸ਼ਨੀ ਦੇ ਸਕਦਾ ਹੈ।ਕੋਈ ਵੀ ਵਿਅਕਤੀ ਕਿਸੇ ਵੀ ਉਮਰ ਵਿੱਚ ਭਾਵੇਂ ਅੱਖਾਂ ਵਿੱਚ ਲੈਂਜ ਪਾਏ ਹੋਣ, ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਅਪ੍ਰੇੇਸ਼ਨ ਕੀਤਾ ਹੋਵੇ ਤਾਂ ਵੀ ਅੱਖਾਂ ਦਾਨ ਕਰ ਸਕਦਾ ਹੈ। ਉਹਨਾਂ ਕਿਹਾ ਕਿ ਏਡਜ, ਕਾਲਾ ਪੀਲੀਆ, ਦਿਮਾਗੀ ਬੁਖਾਰ ਅਤੇ ਬਲੱਡ ਕੈਂਸਰ ਵਾਲੇ ਮਰੀਜ਼ਾਂ ਦੀਆਂ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ। ਅੱਖਾਂ ਦਾਨ ਕਰਨ ਦੇ ਚਾਹਵਾਨ ਲੋਕ ਨੇੜੇ ਦੇ ਮੈਡੀਕਲ ਕਾਲਜ, ਸਿਵਲ ਹਸਪਤਾਲ ਜਾਂ ਆਨਲਾਈਨ ਫਾਰਮ ਭਰ ਸਕਦੇ ਹਨ। ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਮਨਬੀਰ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ ਅਤੇ ਦਿਵੇਸ਼ ਕੁਮਾਰ ਬਲਾਕ ਐਕਸਟੈਂਸ਼ਨ ਐਜੂਕੇਟਰ ਨੇ ਲੋਕਾਂ ਨੂੰ ਜੀਵਨ ਉਪਰੰਤ ਅੱਖਾਂ ਦਾਨ ਕਰਨ ਦੀ ਅਪੀਲ ਕੀਤੀ।
