ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟ ਦੀ ਅਹਿਮੀਅਤ ਬਾਰੇ ਜਾਗਰੂਕਤਾ ਜ਼ਰੂਰੀ : ਡਾ. ਸੋਨਾ ਥਿੰਦ

ਜ਼ਿਲ੍ਹਾ ਪੱਧਰੀ ਕੁਇਜ਼ ਅਤੇ ਲੇਖ ਰਚਨਾ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕੀਤਾ ਸਨਮਾਨਿਤ

ਸਵੀਪ ਗਤੀਵਿਧੀ ਤਹਿਤ ਸੀਨੀਅਰ ਸਿਟੀਜ਼ਨਾਂ ਅਤੇ ਵਿਦਿਆਰਥੀਆਂ ਨੇ ‘ਲੋਕਤੰਤਰ ਦਾ ਰੁੱਖ’ ਗਤੀਵਿਧੀ ਵਿੱਚ ਲਿਆ ਭਾਗ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਅਧੀਨ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ (ਈ.ਐੱਲ.ਸੀ.) ਰਾਹੀਂ ਕਰਵਾਏ ਗਏ ਕੁਇਜ਼ ਅਤੇ ਲੇਖ ਰਚਨਾ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਕੁਇਜ਼ ਮੁਕਾਬਲਿਆਂ ਵਿੱਚ ਅੱਵਲ ਰਹਿਣ ਵਾਲੇ 23 ਵਿਦਿਆਰਥੀਆਂ ਅਤੇ ਲੇਖ ਰਚਨਾ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 10 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਡਾ. ਸੋਨਾ ਥਿੰਦ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਚੋਣ ਪ੍ਰਕਿਰਿਆ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵੋਟ ਦੇ ਅਧਿਕਾਰ ਪ੍ਰਤੀ ਸਮਝ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਲੋਕਤੰਤਰ ਦੀ ਮਜ਼ਬੂਤੀ ਵਿੱਚ ਆਪਣੀ ਜ਼ਿੰਮੇਵਾਰੀ ਨੂੰ ਸਮਝਣਾ ਚਾਹੀਦਾ ਹੈ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

ਇਸ ਦੌਰਾਨ ਸਵੀਪ ਗਤੀਵਿਧੀ ਤਹਿਤ ‘ਲੋਕਤੰਤਰ ਦਾ ਰੁੱਖ – ਹਰ ਪੱਤਾ ਮਹੱਤਵਪੂਰਨ, ਹਰ ਵੋਟ ਅਹਿਮ’ ਥੀਮ ਅਧੀਨ ਇੱਕ ਵਿਸ਼ੇਸ਼ ਇੰਟਰਐਕਟਿਵ ਗਤੀਵਿਧੀ ਵੀ ਕਰਵਾਈ ਗਈ, ਜਿਸ ਵਿੱਚ ਸੀਨੀਅਰ ਸਿਟੀਜ਼ਨਾਂ ਅਤੇ ਇਲੈਕਟੋਰਲ ਲਿਟਰੇਸੀ ਕਲੱਬਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਇਸ ਗਤੀਵਿਧੀ ਦਾ ਮੁੱਖ ਉਦੇਸ਼ ਸੀਨੀਅਰ ਸਿਟੀਜ਼ਨਾਂ ਅਤੇ ਨੌਜਵਾਨਾਂ ਦਰਮਿਆਨ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਹਰੇਕ ਨਾਗਰਿਕ ਦੀ ਭਾਗੀਦਾਰੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।

Leave a Reply

Your email address will not be published. Required fields are marked *