ਚੰਡੀਗੜ੍ਹ/ਬਰਨਾਲਾ, 12 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਰਨਾਲਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਪਿਸਤੌਲ ਬਰਾਮਦ ਕੀਤੇ ਹਨ, ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਸਥਾਨ ਦੇ ਹਨੂੰਮਾਨਗੜ੍ਹ ਟਾਊਨ ਦੇ ਰਹਿਣ ਵਾਲੇ ਸੰਦੀਪ ਸਿੰਘ ਅਤੇ ਹਰਿਆਣਾ ਦੇ ਕੈਥਲ ਦੇ ਰਹਿਣ ਵਾਲੇ ਸ਼ੇਖਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ PX5 ਪਿਸਤੌਲ, ਇੱਕ .30 ਬੋਰ ਪਿਸਤੌਲ, ਚਾਰ .32 ਬੋਰ ਪਿਸਤੌਲ ਅਤੇ 19 ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ PB01AX0945 ਸੀ, ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਅਤੇ ਪਹੁੰਚਾਉਣ ਲਈ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੰਬੀਹਾ ਗੈਂਗ ਦੇ ਪੈਦਲ ਸਿਪਾਹੀਆਂ ਨੂੰ ਇਹ ਹਥਿਆਰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪਿਛਲੀ ਅਤੇ ਅਗਲੀ ਕੜੀ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੀ ਸਪਲਾਈ ਲੜੀ ਦੀ ਪਛਾਣ ਕੀਤੀ ਜਾ ਸਕੇ ਅਤੇ ਇਸਨੂੰ ਖਤਮ ਕੀਤਾ ਜਾ ਸਕੇ।
ਏਜੀਟੀਐਫ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਸੰਚਾਲਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨੂੰ ਬੰਬੀਹਾ ਗੈਂਗ ਗੈਂਗ ਦੇ ਹੈਂਡਲਰਾਂ ਵੱਲੋਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਕਰਨ ਦੀ ਸਾਜ਼ਿਸ਼ ਰਚਣ ਬਾਰੇ ਖਾਸ ਮਨੁੱਖੀ ਅਤੇ ਤਕਨੀਕੀ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਪੰਜਾਬ ਦੀਆਂ ਟੀਮਾਂ ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਬਰਨਾਲਾ-ਬਠਿੰਡਾ ਮੁੱਖ ਸੜਕ ‘ਤੇ ਪਿੰਡ ਧੌਲਾ ਵਿਖੇ ਡਰੇਨ ਨੇੜੇ ਦੋਵਾਂ ਸ਼ੱਕੀਆਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਟੀਮਾਂ ਦੀ ਅਗਵਾਈ ਏਜੀਟੀਐਫ ਦੇ ਇੰਸਪੈਕਟਰ ਵਿਕਰਮ ਅਤੇ ਸੀਆਈਏ ਬਰਨਾਲਾ ਦੇ ਇੰਸਪੈਕਟਰ ਬਲਜੀਤ ਸਿੰਘ ਕਰ ਰਹੇ ਸਨ।
ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਨਾਲ ਸਬੰਧਤ ਮਾਮਲਾ ਦਰਜ ਹੈ।
ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫਆਈਆਰ ਨੰਬਰ 107 ਮਿਤੀ 11.10.2025 ਨੂੰ ਭਾਰਤੀ ਨਿਆਏ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਬਰਨਾਲਾ ਦੇ ਪੁਲਿਸ ਸਟੇਸ਼ਨ ਰੁੜੇਕੇ ਕਲਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ, ਜਦੋਂ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

