ਅੱਜ ਬੱਚਤ ਭਵਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਅਤੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿੱਚ ਆਟਾ ਦਾਲ ਸਕੀਮ ਅਧੀਨ ਜਾਰੀ ਕੀਤੇ ਗਏ ਕਾਰਡਾਂ ਵਿੱਚੋਂ 23 ਲੱਖ 39 ਹਜ਼ਾਰ 564 ਕਾਰਡ ਕੱਟਣ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਤੋਂ ਡਰ ਗਈ ਹੈ ਅਤੇ ਭਾਜਪਾ ਨੂੰ ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਕੋਈ ਤੋੜ ਨਹੀਂ ਲੱਭ ਰਿਹਾ ਤਾਂ ਉਹ ਸੂਬੇ ਦੇ ਲੋਕਾਂ ਨਾਲ ਖਾਰ ਰੱਖਦੇ ਹੋਏ, ਲੋਕ ਵਿਰੋਧੀ ਫੈਸਲੇ ਕਰਨ ਤੇ ਉਤਰ ਪਈ ਹੈ। ਉਨ੍ਹਾਂ ਕਿਹਾ ਕਿ ਆਟਾ ਦਾਲ ਸਕੀਮ ਅਧੀਨ ਸੂਬੇ ਦੇ ਡੇਢ ਕਰੋੜ ਤੋਂ ਵਧੇਰੇ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਨੇ ਆਪਣੀ ਮਨਮਰਜ਼ੀ ਕਰਦੇ ਹੋਏ 23 ਲੱਖ ਤੋਂ ਵਧੇਰੇ ਕਾਰਡ ਕੱਟਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਰਾਸ਼ਨ ਕਾਰਡਾਂ ਸਬੰਧੀ 30 ਸਤੰਬਰ ਤੱਕ ਕੇ.ਵਾਈ.ਸੀ. ਮੁਕੰਮਲ ਕਰਨ ਲਈ ਕਿਹਾ ਹੈ ਜਦੋਂ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਇਸ ਸਬੰਧੀ 6 ਮਹੀਨੇ ਦਾ ਸਮਾਂ ਮੰਗਿਆ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ, ਕੇਂਦਰ ਦੀ ਇਸ ਸਾਜਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਕਿਸੇ ਵੀ ਪੰਜਾਬੀ ਦਾ ਬਿਨਾਂ ਕਿਸੇ ਕਾਰਨ ਤੋਂ ਕਾਰਡ ਨਹੀਂ ਕੱਟਿਆ ਜਾਵੇਗਾ।
ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕ ਲਈ ਸੰਘਰਸ਼ ਕੀਤਾ ਹੈ ਅਤੇ ਹੁਣ ਵੀ ਲੋਕਾਂ ਨਾਲ ਰਾਸ਼ਨ ਦੇ ਨਾਮ ਤੇ ਹੋਣ ਵਾਲਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਮਗਨਰੇਗਾ ਸਕੀਮ ਨੂੰ ਰੋਕਣ ਸਬੰਧੀ ਕੋਝੀਆਂ ਚਾਲਾਂ ਚੱਲੀਆਂ ਹਨ ਅਤੇ ਹੁਣ ਰਾਸ਼ਨ ਕਾਰਡ ਕੱਟ ਕੇ ਸੂਬੇ ਦੇ ਮਿਹਨਤੀ ਲੋਕਾਂ ਨੂੰ ਭੁੱਖਾ ਮਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਹਿੱਸਾ ਪਾਇਆ ਹੈ ਪਰ ਫਿਰ ਵੀ ਅਫ਼ਸੋਸ ਦੀ ਗੱਲ ਹੈ ਕਿ ਭਾਜਪਾ ਦੀ ਸਰਕਾਰ ਪੰਜਾਬ ਦੇ ਮਿਹਨਤੀ ਲੋਕਾਂ ਦੀ ਰੋਟੀ ਖੋਹਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਪਸ਼ਟ ਕੀਤਾ ਹੈ ਕਿ ਜਦੋਂ ਤੱਕ ਉਹ ਮੁੱਖ ਮੰਤਰੀ ਹਨ, ਸੂਬੇ ਦੇ ਇੱਕ ਵੀ ਪਰਿਵਾਰ ਦਾ ਕਾਰਡ ਨਹੀਂ ਕੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਨੇ ਹਮੇਸ਼ਾਂ ਤੋਂ ਹੀ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਪ੍ਰੰਤੂ ਸਾਡੀ ਸਰਕਾਰ ਅਜਿਹੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।

ਪ੍ਰੈਸ ਕਾਨਫਰੰਸ ਦੌਰਾਨ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੇਂਦਰ ਸਰਕਾਰ, ਵੈਰੀਫਿਕੇਸ਼ਨ ਦੇ ਨਾਮ ਤੇ ਪੰਜਾਬ ਦੇ ਮਾਝੇ ਵਿੱਚੋਂ 7 ਲੱਖ 18 ਹਜ਼ਾਰ 756 ਕਾਰਡ, ਮਾਲਵਾ ਵਿੱਚੋਂ 11 ਲੱਖ 82 ਹਜ਼ਾਰ 37 ਅਤੇ ਦੋਆਬੇ ਵਿੱਚੋਂ 4 ਲੱਖ 38 ਹਜ਼ਾਰ 771 ਕਾਰਡ ਕੱਟਣ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਹਾਲਤ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਜਦੋਂ ਵੀ ਭਾਜਪਾ ਦੇ ਲੀਡਰ ਪਿੰਡਾਂ ਵਿੱਚ ਆਉਣ ਤਾਂ ਉਨ੍ਹਾਂ ਤੋਂ ਪੁਛਿਆ ਜਾਵੇ ਕਿ ਕੇਂਦਰ ਦੀ ਭਾਜਪਾ ਸਰਕਾਰ ਅਜਿਹਾ ਕਿਉਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀਆਂ ਇਨ੍ਹਾਂ ਲੋਕ ਵਿਰੋਧੀ ਚਾਲਾਂ ਦਾ ਡੱਟ ਕੇ ਵਿਰੋਧ ਕਰਦੀ ਹੈ ਜਦਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਕਿਸੇ ਵੀ ਨਾਗਰਿਕ ਦਾ ਕਾਰਡ ਕੱਟਣ ਨਹੀਂ ਦਿੱਤਾ ਜਾਵੇਗਾ ਅਤੇ ਲੋਕਾਂ ਦੇ ਹੱਕ ਵਿੱਚ ਜਿਹੜੇ ਵੀ ਪੱਧਰ ਦਾ ਅੰਦੋਲਨ ਕਰਨਾ ਪਿਆ ਉਸ ਨੂੰ ਕਰਦੇ ਹੋਏ ਲੋਕਾਂ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਮੁਕੰਮਲ ਤੌਰ ਤੇ ਖੜੇਗੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਸ਼ੀਸ਼ ਅੱਤਰੀ, ਗੁਰਮੀਤ ਸਿੰਘ ਬਾਜਵਾ, ਦੀਪਕ ਬਾਤਿਸ਼, ਬਲਬੀਰ ਸਿੰਘ ਸੋਢੀ, ਸਤੀਸ਼ ਲਟੌਰ ਹਾਜ਼ਰ ਸਨ।
