ਪੰਚਾਇਤੀ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਨੋ ਡਿਊ ਲੈਣ ਵਿੱਚ ਨਹੀਂ ਹੋਵੇਗੀ ਕੋਈ ਪਰੇਸ਼ਾਨੀ- ਮਨਜੀਤ ਸਿੰਘ ਰਾਜਲਾ

ਬੀਡੀਪੀਓ ਦਫਤਰ ਅਮਲੋਹ ਦੇ ਸਮੂਹ ਸਟਾਫ ਨੂੰ ਸਮੇਂ ਦੀ ਪਾਬੰਦੀ ਯਕੀਨੀ ਬਣਾਉਣ ਦੇ ਦਿੱਤੇ ਹੋਏ ਨੇ ਹੁਕਮ

ਪੰਚਾਇਤ ਚੋਣਾਂ 2024 ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐਸਡੀਐਮ ਅਮਲੋਹ ਸ. ਮਨਜੀਤ ਸਿੰਘ ਰਾਜਲਾ ਨੇ ਪੰਚਾਇਤੀ ਚੋਣਾਂ ਦੇ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਨੋ ਡਿਊ ਸਰਟੀਫਿਕੇਟ ਲੈਣ ਵਿੱਚ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਉਹਨਾਂ ਦੱਸਿਆ ਕਿ ਨੋ-ਡਿਊ ਸਰਟੀਫਿਕੇਟ ਜਾਰੀ ਕਰਨ ਵਾਸਤੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਸਮੂਹ ਕਰਮਚਾਰੀ ਸਰਕਾਰੀ ਸਮੇਂ ਅਨੁਸਾਰ ਸਵੇਰੇ 9 ਵਜੇ ਆਪੋ ਆਪਣੀ ਡਿਊਟੀ ‘ਤੇ ਤਾਇਨਾਤ ਹੋ ਜਾਂਦੇ ਹਨ। ਉਹਨਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਨੂੰ ਚੋਣਾਂ ਨਾਲ ਸੰਬੰਧਿਤ ਕੋਈ ਸਰਟੀਫਿਕੇਟ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਸ ਸਬੰਧੀ ਉਹਨਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਮਲੋਹ ਮੋਹਿਤ ਕਲਿਆਣ ਨੇ ਕਿਹਾ ਕਿ ਨੋ -ਡਿਊ ਸਰਟੀਫਿਕੇਟ ਜਾਰੀ ਕਰਨ ਲਈ ਪੰਚਾਇਤ ਸਕੱਤਰਾਂ ਦੀ ਡਿਊਟੀ ਲਗਾਈ ਗਈ ਹੈ ਜੋ ਕਿ ਪੂਰੀ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਤੋਂ ਇਲਾਵਾ ਪੰਚਾਇਤ ਅਫਸਰ ਤੇ ਹੋਰ ਸਬੰਧਿਤ ਕਰਮਚਾਰੀ ਵੀ ਪੂਰੀ ਤਨਦੇਹੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2024 ਦੀਆਂ ਪੰਚਾਇਤ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਵਿਭਾਗ ਦੇ ਆਦੇਸ਼ਾਂ ਅਨੁਸਾਰ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਸਨ ਅਤੇ ਇਹ ਅਧਿਕਾਰੀ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨੋ ਡਿਊ ਸਰਟੀਫਿਕੇਟ ਜਾਰੀ ਕਰ ਰਹੇ ਹਨ।

ਉਹਨਾਂ ਇਹ ਵੀ ਦੱਸਿਆ ਕਿ ਬਲਾਕ ਦਫਤਰ ਵਿਖੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਦਫਤਰੀ ਸਮੇਂ ਦੀ ਪਾਬੰਦੀ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਹਨਾਂ ਹੋਰ ਦੱਸਿਆ ਕਿ ਉਹ ਖੁਦ ਵੀ ਸਾਰਾ ਦਿਨ ਦੇਰ ਸ਼ਾਮ ਤੱਕ ਆਪਣੀ ਡਿਊਟੀ ‘ਤੇ ਰਹਿੰਦੇ ਹਨ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਸਿੱਧਾ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *