ਮੀਂਹ ਮਗਰੋਂ ਫਾਜ਼ਿਲਕਾ ਦੀ ਅਨਾਜ ਮੰਡੀ ਵਿੱਚ ਸਫ਼ਾਈ

ਫਾਜ਼ਿਲਕਾ ਦੀ ਅਨਾਜ ਮੰਡੀ ਵਿੱਚ ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਪਾਣੀ ਭਰ ਜਾਣ ਅਤੇ ਸਫ਼ਾਈ ਵਿਵਸਥਾ ਪ੍ਰਭਾਵਿਤ ਹੋਣ ਤੋਂ ਬਾਅਦ ਹੁਣ ਹਾਲਾਤ ਸੁਚਾਰੂ ਹੋ ਰਹੇ ਹਨ। ਮੰਡੀ ਵਿੱਚ ਪਾਣੀ ਭਰਨ ਕਾਰਨ ਆੜ੍ਹਤੀਆਂ ਨੂੰ ਪੇਸ਼ ਆਈਆਂ ਮੁਸ਼ਕਲਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੰਡੀ ਬੋਰਡ ਵੱਲੋਂ ਸਫ਼ਾਈ, ਖ਼ਰੀਦ ਅਤੇ ਚੁਕਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਜ਼ਿਲ੍ਹਾ ਮੰਡੀ ਅਫ਼ਸਰ ਫਾਜ਼ਿਲਕਾ ਸ਼੍ਰੀ ਸਲੋਦ ਕੁਮਾਰ ਬਿਸ਼ਨੋਈ ਨੇ ਦੱਸਿਆ ਕਿ ਮੰਡੀ ਵਿੱਚ ਸਫ਼ਾਈ ਅਤੇ ਹੋਰ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਦੀਆਂ ਟੀਮਾਂ ਵੱਲੋਂ ਮੰਡੀ ਵਿੱਚ ਸਫ਼ਾਈ, ਖ਼ਰੀਦ ਅਤੇ ਚੁਕਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਵਿੱਚ ਕੰਮ ਕਰਨ ਵਾਲੇ ਹੋਰਨਾਂ ਲੋਕਾਂ ਨੂੰ ਕਿਸੇ ਕਿਸਮ ਦੀ ਬੇਲੋੜੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਬਾਰਿਸ਼ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਸਬੰਧਤ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ। ਮੰਡੀ ਵਿੱਚ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਫ਼ਸਲ ਦੀ ਖ਼ਰੀਦ ਅਤੇ ਚੁਕਾਈ ਸਬੰਧੀ ਪ੍ਰਬੰਧਾਂ ਉੱਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਹੁਣ ਮੰਡੀ ਵਿੱਚ ਕੰਮਕਾਜ ਮੁੜ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।

ਜ਼ਿਲ੍ਹਾ ਮੰਡੀ ਅਫ਼ਸਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਅਤੇ ਮੰਡੀ ਵਿੱਚੋਂ ਸਮੇਂ ਸਿਰ ਚੁਕਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ। ਕਿਸਾਨਾਂ ਦੀ ਮਿਹਨਤ ਅਤੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਪ੍ਰਤੀ ਪ੍ਰਸ਼ਾਸਨ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਮੰਡੀ ਵਿੱਚ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਲਈ ਅਧਿਕਾਰੀ ਲਗਾਤਾਰ ਯਤਨਸ਼ੀਲ ਰਹਿਣਗੇ।

ਉਨ੍ਹਾਂ ਕਿਹਾ ਕਿ ਪਿਛਲੇ ਦਿਨ ਹੋਈ ਬਾਰਿਸ਼ ਕਾਰਨ ਅਨਾਜ ਮੰਡੀ ਦੇ ਗੇਟ ਨੰਬਰ 1 ਅਤੇ 2 ‘ਤੇ ਖੜੇ ਪਾਣੀ ਦੀ ਵੀ ਮੁਕੰਮਲ ਨਿਕਾਸੀ ਹੋ ਚੁੱਕੀ ਹੈ ਅਤੇ ਹੁਣ ਆਮ ਵਾਂਗ ਹੀ ਸਾਰੇ ਕੰਮ ਸੁਚਾਰੂ ਢੰਗ ਨਾਲ ਹੋਣ ਲੱਗ ਪਏ ਹਨ।

ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ, ਤਾਂ ਜੋ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ।

Leave a Reply

Your email address will not be published. Required fields are marked *