ਫਾਜ਼ਿਲਕਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਲੱਸਟਰ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਖੇਤਾਂ ਵਿੱਚ ਪਰਾਲੀ ਨਾ ਸਾੜਨ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਿਸਾਨਾਂ ਦੀਆਂ ਸੁਵਿਧਾਵਾਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਦੀ ਰੋਕਥਾਮ ਲਈ ਤਾਇਨਾਤ ਕਲੱਸਟਰ ਅਧਿਕਾਰੀ ਆਪਣੇ-ਆਪਣੇ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰਨ ਅਤੇ ਕਿਸਾਨਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ। ਉਨ੍ਹਾਂ ਕਲੱਸਟਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਸੀਨੀਅਰ ਅਧਿਕਾਰੀਆਂ, ਖ਼ਾਸ ਕਰਕੇ ਐੱਸ.ਡੀ.ਐੱਮਜ਼ ਨਾਲ ਲਗਾਤਾਰ ਤਾਲਮੇਲ ਕਰਕੇ ਖੇਤਰੀ ਪੱਧਰ ’ਤੇ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਪਿੰਡਾਂ ਵਿੱਚ ਨਿਗਰਾਨੀ ਲਈ ਸੁਪਰਵਾਈਜ਼ਰ ਵੀ ਲਗਾਏ ਜਾਣਗੇ।
ਉਨ੍ਹਾਂ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਹਦਾਇਤ ਕੀਤੀ ਕਿ ਐਸਡੀਐਮ ਜਲਾਲਾਬਾਦ ਨਾਲ ਰਾਬਤਾ ਕਰਕੇ ਤ੍ਰਿਪਾਲਕੇ ਪਿੰਡ ਵਿਖੇ ਪਰਾਲੀ ਸਟੋਰੇਜ਼ ਲਈ ਜਮੀਨ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਅਤੇ ਹੋਰ ਸਹੂਲਤਾਂ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇ ਅਤੇ ਜਿੱਥੇ ਵੀ ਲੋੜ ਹੋਵੇ, ਉਨ੍ਹਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਕਿਸਾਨਾਂ ਤੱਕ ਸਰਕਾਰੀ ਹਦਾਇਤਾਂ ਅਤੇ ਪਰਾਲੀ ਪ੍ਰਬੰਧਨ ਦੇ ਬਦਲਾਂ ਦੀ ਜਾਣਕਾਰੀ ਸਮੇਂ ਸਿਰ ਪਹੁੰਚੇ।
ਮੀਟਿੰਗ ਦੌਰਾਨ ਟੋਲ ਪਲਾਜ਼ਿਆਂ ’ਤੇ ਕਿਸਾਨਾਂ ਨੂੰ ਬੇਲੋੜੀ ਪ੍ਰੇਸ਼ਾਨੀ ਨਾ ਆਉਣ ਦੇਣ ਸਬੰਧੀ ਵੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨਾਲ ਸਨਮਾਨਜਨਕ ਵਿਵਹਾਰ ਕੀਤਾ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਅਜਿਹੀ ਸਥਿਤੀ ਪੈਦਾ ਨਾ ਹੋਣ ਦਿੱਤੀ ਜਾਵੇ ਜਿਸ ਕਾਰਨ ਕਿਸਾਨ ਆਪਣੇ ਆਪ ਨੂੰ ਪ੍ਰੇਸ਼ਾਨ ਮਹਿਸੂਸ ਕਰਨ।
ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਸਬੰਧੀ ਵੀ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਦਿੰਦਿਆਂ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਨੂੰ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀਆਂ ਵਿੱਚ ਖਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਅਤੇ ਕਿਸਾਨ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਅਤੇ ਕਣਕ ਦੀ ਖਰੀਦ ਦੋਵਾਂ ਮਾਮਲਿਆਂ ਵਿੱਚ ਪ੍ਰਸ਼ਾਸਨ ਦਾ ਉਦੇਸ਼ ਕਿਸਾਨਾਂ ਨੂੰ ਸਹਿਯੋਗ ਦੇਣਾ ਅਤੇ ਉਨ੍ਹਾਂ ਲਈ ਪ੍ਰਕਿਰਿਆ ਨੂੰ ਸੁਖਾਲਾ ਬਣਾਉਣਾ ਹੈ।