ਨਸ਼ਿਆਂ ਦੇ ਖਿਲਾਫ਼ ਜਨ ਜਾਗਰੂਕਤਾ ਲਈ ਵਿਭਾਗਾਂ ਦਾ ਸਹਿਯੋਗ ਜ਼ਰੂਰੀ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹਾ ਪੁਲਿਸ ਮੁਖੀ ਫਾਜ਼ਿਲਕਾ ਗਗਨ ਅਜੀਤ ਸਿੰਘ ਵਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਭਿਆਨ ਨੂੰ ਯੋਜਨਾਬੱਧ ਤਰੀਕੇ ਨਾਲ ਚਲਾਉਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ  (ਜਨ.) ਡਾ. ਮਨਦੀਪ ਕੌਰ ਵੀ ਮੌਜੂਦ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਨਸ਼ਿਆਂ ਖਿਲਾਫ਼ ਮੁਹਿੰਮ (ਐਂਟੀ ਨਾਰਕੋਟਿਕਸ) ਤਹਿਤ ਸਿਹਤ ਵਿਭਾਗ ਨੂੰ ਪਿੰਡਾਂ ਵਿੱਚ ਕੈਂਪ ਲਗਾਉਣ ਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਬਾਰੇ ਕਿਹਾ।

ਇਸ ਤਰ੍ਹਾਂ ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਮਾਪਿਆਂ ਤੇ ਬੱਚਿਆਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਜਿੱਥੇ ਮਾਪੇ ਅਧਿਆਪਕ ਮਿਲਣੀ ਰਾਹੀਂ ਸਕੂਲਾਂ ਵਿੱਚ ਬੱਚਿਆਂ ਦਾ ਨਸਿਆਂ ਖਿਲਾਫ ਭਾਸ਼ਣ, ਚਿੱਤਰਕਾਰੀ ਤੇ ਨਾਟਕਾਂ ਰਾਹੀਂ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਖੇਡਾਂ ਇੱਕ ਅਜਿਹਾ ਸਰੋਤ ਹੈ ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ ਇਸ ਲਈ ਖੇਡ ਵਿਭਾਗ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਖੇਡ ਗਤੀਵਿਧੀਆਂ ਕਰਵਾਈਆਂ ਜਾਣ।

ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਵਿਭਾਗਾਂ ਵੱਲੋਂ ਨਸ਼ਿਆਂ ਦੇ ਖਿਲਾਫ ਵੱਖ-ਵੱਖ ਗਤੀਵਿਧੀਆਂ ਕਰਕੇ ਨੌਜਵਾਨਾਂ ਨੂੰ ਸਹੀ ਦਿਸ਼ਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਵੀ ਨਸ਼ਿਆਂ ਦੇ ਖਾਤਮੇ ਲਈ ਨਸ਼ਿਆਂ ਦੇ ਸੌਦਾਗਰਾਂ ਨੂੰ ਫੜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਅਤੇ ਐਂਟੀ ਡਰੋਨ ਸਿਸਟਮ ਤਹਿਤ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਬੀਐੱਸਐੱਫ ਦੇ ਅਧਿਕਾਰੀਆਂ  ਨੇ ਦੱਸਿਆ ਕਿ ਬਾਰਡਰ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਸਮੇਂ ਸਮੇਂ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਜਾਂਦਾ ਹੈ ਤੇ ਨਸ਼ਿਆਂ ਦੇ ਖਾਤਮੇ ਵਿੱਚ ਸਰਕਾਰ ਦੀ ਮਦਦ ਕਰਨ ਲਈ ਵੀ ਅਪੀਲ ਕੀਤੀ ਜਾਂਦੀ ਹੈ।

 ਇਸ ਮੌਕੇ ਐੱਸ.ਡੀ.ਐੱਮ ਫਾਜ਼ਿਲਕਾ ਜੁਗਰਾਜ ਸਿੰਘ, ਸਿਹਤ, ਸਿੱਖਿਆ, ਖੇਡ ਵਿਭਾਗ ਅਤੇ ਬੀ.ਐੱਸ.ਐੱਫ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *