ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇੱਕ ਕਾਰਵਾਈ ਵਿੱਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਫਾਜ਼ਿਲਕਾ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੱਥਗੋਲੇ ਅਤੇ ਇੱਕ 9MM ਗਲੌਕ ਪਿਸਤੌਲ ਦੇ ਨਾਲ-ਨਾਲ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ, ਇਹ ਜਾਣਕਾਰੀ ਮੰਗਲਵਾਰ ਨੂੰ ਇੱਥੇ ਪੁਲਿਸ ਡਾਇਰੈਕਟਰ ਜਨਰਲ (DGP) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਾਜ਼ਿਲਕਾ ਦੇ ਪਿੰਡ ਚੱਕ ਬਲੋਚਾਂ ਵਾਲਾ ਦੇ ਰਹਿਣ ਵਾਲੇ ਵਿਕਰਮ ਸਿੰਘ ਅਤੇ ਫਾਜ਼ਿਲਕਾ ਦੇ ਪਿੰਡ ਚੱਕ ਬਾਜੀਦਾ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਉਰਫ਼ ਪ੍ਰਭ ਵਜੋਂ ਹੋਈ ਹੈ। ਹੈਂਡ ਗ੍ਰਨੇਡ ਅਤੇ ਗਲੋਕ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਗੈਰ-ਰਜਿਸਟਰਡ ਕਾਲਾ ਹੀਰੋ ਡੀਲਕਸ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ‘ਤੇ ਉਹ ਸਵਾਰ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਪਾਕਿਸਤਾਨ ਤੋਂ ਪ੍ਰਾਪਤ ਕੀਤੇ ਗਏ ਸਨ ਅਤੇ ਪੰਜਾਬ ਵਿੱਚ ਯੋਜਨਾਬੱਧ ਅਪਰਾਧਿਕ ਗਤੀਵਿਧੀਆਂ ਲਈ ਡਰੋਨ ਰਾਹੀਂ ਪਹੁੰਚਾਏ ਗਏ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਏਆਈਜੀ ਐਸਐਸਓਸੀ ਫਾਜ਼ਿਲਕਾ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ, ਐਸਐਸਓਸੀ ਟੀਮ ਨੇ ਜਲਾਲਾਬਾਦ ਖੇਤਰ ਵਿੱਚ ਇੱਕ ਗੁਪਤ ਕਾਰਵਾਈ ਕੀਤੀ ਅਤੇ ਪਿੰਡ ਚੱਕ ਮੌਜਦੀਨ ਵਾਲਾ ਤੋਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਦੂਜੀ ਧਿਰ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ।
ਏਆਈਜੀ ਨੇ ਕਿਹਾ ਕਿ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ ਜਿਨ੍ਹਾਂ ਨੂੰ ਇਹ ਖੇਪ ਪ੍ਰਾਪਤ ਹੋਣੀ ਸੀ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਐਸਐਸਓਸੀ ਫਾਜ਼ਿਲਕਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 18 ਮਿਤੀ 24.11.2025 ਦਰਜ ਕੀਤੀ ਗਈ ਹੈ।
