ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਬਜ਼ੁਰਗਾਂ ਨੂੰ ਵਿਸ਼ੇਸ਼ ਸਿਹਤ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਚਲਾਈ ਜਾ ਰਹੀ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਮੁਫ਼ਤ ਸਿਹਤ ਕੈਂਪ ਲਗਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਿਹਤ ਕੈਂਪ 07 ਅਕਤੂਬਰ ਨੂੰ ਬੱਚਤ ਭਵਨ, ਫ਼ਤਹਿਗੜ੍ਹ ਸਾਹਿਬ (ਸਾਹਮਣੇ ਸਿਵਲ ਹਸਪਤਾਲ) ਵਿਖੇ ਲਗਾਇਆ ਜਾਵੇਗਾ। ਇਸ ਕੈਂਪ ਦੌਰਾਨ ਬਜ਼ੁਰਗ ਨਾਗਰਿਕਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅੱਪ, ਜਨਰਲ ਸਿਹਤ ਜਾਂਚ, ਹੱਡੀਆਂ ਦਾ ਚੈੱਕਅੱਪ, ਕੰਨ, ਨੱਕ ਅਤੇ ਗਲੇ ਦੀ ਜਾਂਚ ਸਮੇਤ ਵੱਖ-ਵੱਖ ਮੈਡੀਕਲ ਸਹੂਲਤਾਂ ਮੌਕੇ ’ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸੇ ਲੜੀ ਤਹਿਤ ਹੋਰ ਵਿਸ਼ੇਸ਼ ਸਿਹਤ ਕੈਂਪ 09 ਅਕਤੂਬਰ ਨੂੰ ਸੀ.ਐੱਚ.ਸੀ. ਚਨਾਰਥਲ ਕਲਾਂ, 12 ਅਕਤੂਬਰ ਨੂੰ ਸੀ.ਐੱਚ.ਸੀ. ਅਮਲੋਹ ਅਤੇ 15 ਅਕਤੂਬਰ ਨੂੰ ਐੱਸ.ਡੀ.ਐੱਚ. ਮੰਡੀ ਗੋਬਿੰਦਗੜ੍ਹ ਵਿਖੇ ਸਵੇਰੇ 9:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਬਜ਼ੁਰਗ ਨਾਗਰਿਕਾਂ ਨੂੰ ਵੱਖ-ਵੱਖ ਮੁਫ਼ਤ ਮੈਡੀਕਲ ਸਹੂਲਤਾਂ ਮੌਕੇ ’ਤੇ ਹੀ ਪ੍ਰਦਾਨ ਕੀਤੀਆਂ ਜਾਣਗੀਆਂ।

ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੇ ਬਜ਼ੁਰਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਉਨ੍ਹਾਂ ਦੀ ਸਿਹਤ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਲਗਾਏ ਜਾ ਰਹੇ ਇਨ੍ਹਾਂ ਵਿਸ਼ੇਸ਼ ਮੁਫ਼ਤ ਸਿਹਤ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਉਪਲਬਧ ਸਿਹਤ ਸਹੂਲਤਾਂ ਦਾ ਲਾਭ ਉਠਾਉਣ।

Leave a Reply

Your email address will not be published. Required fields are marked *