ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਮਲੋਹ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ

*ਝੋਨੇ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

*ਕਿਸਾਨਾਂ ਨੂੰ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈਕੇ ਆਉਣ ਦੀ ਅਪੀਲ

ਅਮਲੋਹ/ ਫ਼ਤਹਿਗੜ੍ਹ ਸਾਹਿਬ, 02 ਅਕਤੂਬਰ

ਡਿਪਟੀ ਕਮਿਸ਼ਨਰ, ਡਾ. ਸੋਨਾ ਥਿੰਦ ਨੇ ਅਨਾਜ ਮੰਡੀ ਅਮਲੋਹ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਮੰਡੀ ਵਿਖੇ ਮਾਰਕਫੈਡ ਦੇ ਫੜ੍ਹ ‘ਤੇ ਕਿਸਾਨ ਗੁਰਮੀਤ ਸਿੰਘ ਪੁੱਤਰ ਸ. ਗਰਜਾ ਸਿੰਘ ਦੀ ਢੇਰੀ ਦੀ ਬੋਲੀ ਕਰਵਾ ਕੇ ਖਰੀਦ ਦਾ ਆਗਾਜ਼ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ
ਨੇ ਕਿਹਾ ਕਿ ਝੋਨੇ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਨਾਲ ਹੀ ਉਹਨਾਂ ਨੇ ਖ਼ਰੀਦ ਸਬੰਧੀ ਸਾਰੀਆਂ ਸਬੰਧਤ ਧਿਰਾਂ ਨੂੰ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।
ਝੋਨੇ ਦੀ ਖਰੀਦ ਲਈ ਜ਼ਿਲ੍ਹੇ ਦੀਆਂ 06 ਮਾਰਕੀਟ ਕਮੇਟੀਆਂ ਸਰਹਿੰਦ, ਅਮਲੋਹ, ਬੱਸੀ ਪਠਾਣਾਂ, ਖਮਾਣੋਂ, ਮੰਡੀ ਗੋਬਿੰਦਗੜ੍ਹ ਤੇ ਚਨਾਰਥਲ ਅਧੀਨ ਆਉਂਦੀਆਂ 32 ਮੰਡੀਆਂ ਵਿੱਚ ਪ੍ਰਬੰਧ ਮੁਕੰਮਲ ਹਨ। ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ, ਬਿਜਲੀ ਦੇ ਪ੍ਰਬੰਧ ਪੁਖ਼ਤਾ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ। ਸੁੱਕੀ ਫ਼ਸਲ ਦੀ ਨਾਲੋ-ਨਾਲ ਖ਼ਰੀਦ ਕਰ ਕੇ ਤੈਅ ਸਮੇਂ ਦੇ ਵਿੱਚ-ਵਿੱਚ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ।

ਡਾ. ਸੋਨਾ ਥਿੰਦ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 06 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਿੱਲੀ ਫਸਲ ਕੱਟਣ ਕਾਰਨ ਨਮੀ ਸਰਕਾਰ ਦੀਆਂ ਨਿਰਧਾਰਤ ਸਪੈਸੀਫਿਕੇਸ਼ਨਜ਼ ਤੋਂ ਉਪਰ ਹੁੰਦੀ ਹੈ ਅਤੇ ਸਰਕਾਰੀ ਖਰੀਦ ਏਜੰਸੀਆਂ ਉਸ ਝੋਨੇ ਨੂੰ ਖਰੀਦਣ ਤੋਂ ਅਸਰਮਥ ਹੁੰਦੀਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਬੇ-ਵਜ੍ਹਾ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਅਪੀਲ ਕੀਤੀ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।

ਇਸ ਮੌਕੇ ਜ਼ਿਲਾ ਫੂਡ ਸਪਲਾਈ ਕੰਟਰੋਲਰ ਸ਼੍ਰੀਮਤੀ ਮੀਨਾਕਸ਼ੀ, ਜ਼ਿਲ੍ਹਾ ਮੰਡੀ ਅਫ਼ਸਰ, ਅਸਲਮ ਮੁਹੰਮਦ, ਸਕੱਤਰ ਮਾਰਕੀਟ ਕਮੇਟੀ ਸੁਰਜੀਤ ਸਿੰਘ, ਸਮੂਹ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਤੇ ਨਿਰੀਖਿਕਾਂ ਸਮੇਤ ਕਿਸਾਨ ਹਾਜ਼ਰ ਸਨ।

Leave a Reply

Your email address will not be published. Required fields are marked *