ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਝੋਨੇ ਦੇ ਸੀਜ਼ਨ 2026-27 ਨੂੰ ਮੱਦੇਨਜ਼ਰ ਰੱਖਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਮੀਨੀ ਪੱਧਰ ‘ਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਪੁਲਿਸ ਅਫ਼ਸਰਾਂ, ਨੋਡਲ ਅਫ਼ਸਰਾਂ ਅਤੇ ਕਲੱਸਟਰ ਅਫ਼ਸਰਾਂ ਦੀਆਂ ਸਾਂਝੀਆਂ ਟੀਮਾਂ ਗਠਿਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਹਰ 4-5 ਪਿੰਡਾਂ ‘ਤੇ ਇੱਕ ਸੁਪਰਵਾਈਜ਼ਰੀ ਅਫ਼ਸਰ ਤੈਨਾਤ ਕੀਤਾ ਜਾਵੇਗਾ ਜੋ ਆਪਣੇ ਖੇਤਰ ਵਿੱਚ ਪਰਾਲੀ ਪ੍ਰਬੰਧਨ ਦੀ ਪੂਰੀ ਨਿਗਰਾਨੀ ਰੱਖੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਖਾਸ ਹਦਾਇਤ ਜਾਰੀ ਕੀਤੀ ਕਿ ਪਰਾਲੀ ਦੇ ਸਟੋਰੇਜ (ਰੱਖ-ਰਖਾਅ) ਲਈ ਉਪਲਬਧ ਪੰਚਾਇਤੀ ਜ਼ਮੀਨਾਂ ਦੀ ਪਿੰਡ-ਵਾਰ ਅਤੇ ਰਕਬੇ-ਵਾਰ ਵਿਸਥਾਰਪੂਰਵਕ ਰਿਪੋਰਟ ਤੁਰੰਤ ਤਿਆਰ ਕੀਤੀ ਜਾਵੇ, ਤਾਂ ਜੋ ਇਕੱਠੀ ਕੀਤੀ ਪਰਾਲੀ ਨੂੰ ਸੁਰੱਖਿਅਤ ਥਾਵਾਂ ‘ਤੇ ਸਟੋਰ ਕੀਤਾ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਵਿਸ਼ੇਸ਼ ਤੌਰ ‘ਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਤਿੱਖੀ ਨਜ਼ਰ ਰੱਖਣ ਲਈ ਡਰੋਨ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਸੰਵੇਦਨਸ਼ੀਲ ਇਲਾਕਿਆਂ ਦੀ ਮੋਨੀਟਰਿੰਗ ਕੀਤੀ ਜਾ ਸਕੇਗੀ।ਉਨ੍ਹਾਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਗੁਆਂਢੀ ਰਾਜਾਂ ਤੋਂ ਝੋਨੇ ਦੀ ਗ਼ੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਡਿਪਟੀ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ 28 ਸਤੰਬਰ ਤੋਂ ਅੰਤਰ-ਰਾਜੀ ਸੀਮਾਵਾਂ ‘ਤੇ ਵਿਸ਼ੇਸ਼ ਨਾਕੇਬੰਦੀ ਕੀਤੀ ਜਾਵੇ।
ਅੰਤ ਵਿੱਚ ਉਨ੍ਹਾਂ ਨੇ ਸਮੂਹ ਐੱਸ.ਡੀ.ਐੱਮ. ਸਾਹਿਬਾਨ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਉਪ-ਮੰਡਲਾਂ ਵਿੱਚ ਤੁਰੰਤ ਕਲੱਸਟਰ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗਾਂ ਕਰਨ ਅਤੇ ਜ਼ਮੀਨੀ ਪੱਧਰ ‘ਤੇ ਪਰਾਲੀ ਦੇ ਸੁਚੱਜੇ ਨਿਪਟਾਰੇ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ,ਮੁੱਖ ਖੇਤੀਬਾੜੀ ਅਫਸਰ ਕੁਲਵੰਤ ਸਿੰਘ, ਖੇਤੀਬਾੜੀ ਅਫਸਰ ਮਮਤਾ, ਬਲਾਕ ਖੇਤੀਬਾੜੀ ਅਫਸਰ ਫਾਜ਼ਿਲਕਾ ਪਰਮਿੰਦਰ ਸਿੰਘ ਧੰਜੂ, ਬਲਾਕ ਖੇਤੀਬਾੜੀ ਅਫਸਰ ਜਲਾਲਾਬਾਦ ਵਿਜੇ ਸਿੰਘ,ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਐੱਸ.ਡੀ.ਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਪੁਲਿਸ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।