ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼, ਖਰੀਦ ਏਜੰਸੀਆਂ ਦੇ ਮੈਨੇਜਰਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕਰਕੇ ਅਨਾਜ ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਾਰੇ ਅਧਿਕਾਰੀ ਮੰਡੀਆਂ ਵਿੱਚ ਨਿਯਮਿਤ ਤੌਰ ’ਤੇ ਦੌਰੇ ਕਰਨ ਅਤੇ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਆਪਣੇ ਪੱਧਰ ’ਤੇ ਯਕੀਨੀ ਬਣਾਉਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਣਕ ਦੀ ਖਰੀਦ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇ ਤਾਂ ਜੋ ਕਿਸਾਨਾਂ ਦੀ ਫਸਲ ਦੀ ਤੁਰੰਤ ਖਰੀਦ ਹੋ ਸਕੇ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਇੱਕ ਦਾਣਾ ਖਰੀਦਿਆ ਜਾਣਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਖਰੀਦ ਦੇ ਨਾਲ-ਨਾਲ ਲਿਫਟਿੰਗ ਪ੍ਰਕਿਰਿਆ ਨੂੰ ਵੀ ਇਕਸਾਰ ਤੌਰ ’ਤੇ ਚਲਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਮੰਡੀਆਂ ਵਿੱਚ ਅਨਾਜ ਦੀ ਢੇਰੀ ਇਕੱਠੀ ਹੋਣ (ਗਲੱਟ) ਦੀ ਸਥਿਤੀ ਤੋਂ ਬਚਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਰਦਾਨਾ, ਤੋਲ ਪ੍ਰਬੰਧ, ਸਾਫ਼-ਸੁਥਰੀ ਅਤੇ ਪੀਣ ਵਾਲੇ ਪਾਣੀ ਵਰਗੀਆਂ ਸਹੂਲਤਾਂ ਮੰਡੀਆਂ ਵਿੱਚ ਪੂਰੀ ਤਰ੍ਹਾਂ ਉਪਲਬਧ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਸੁਣ ਕੇ ਤੁਰੰਤ ਹੱਲ ਕੀਤਾ ਜਾਵੇ।
ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਸਕੇ।
