ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ ਦੀ ਪ੍ਰਧਾਨਗੀ ਹੇਠ ਸਥਾਨਕ ਵਪਾਰੀਆਂ ਨਾਲ ਇੱਕਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਕਾਰਜ ਜਿਵੇਂ ਕਿ ਸਾਫ ਸਫਾਈ, ਸੀਵਰੇਜ ਸਮੱਸਿਆ, ਕੂੜੇ ਦਾ ਪ੍ਰਬੰਧਨ, ਬਾਜ਼ਾਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਸੁਧਾਰ, ਟ੍ਰੈਫਿਕ ਪ੍ਰਬੰਧਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਤੇ ਕਾਰੋਬਾਰ ਨਾਲ ਜੁੜੀਆਂ ਹੋਰ ਚੁਣੌਤੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਵਾਇਆ ਜਾਵੇਗਾ। ਇਸ ਸਬੰਧੀ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਤਾਂ ਜੋ ਲੋਕਾਂ ਅਤੇ ਵਪਾਰੀਆਂ ਨੂੰ ਆ ਰਹੀਆਂ ਦਿੱਕਤਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਐੱਸ.ਡੀ.ਐੱਮ ਜੁਗਰਾਜ ਸਿੰਘ, ਕਾਰਜ ਸਾਧਕ ਅਫਸਰ ਨਗਰ ਕੌਂਸਲ ਫਾਜ਼ਿਲਕਾ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨੁਰਾਜ ਅਹੂਜਾ, ਮੈਂਬਰ ਪੰਜਾਬ ਸਟੇਟ ਟਰੇਡਰ ਕਮਿਸ਼ਨ ਅਤੁਲ ਨਾਗਪਾਲ ਤੋਂ ਇਲਾਵਾ, ਪੁਲਿਸ, ਬਿਜਲੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਤੇ ਵਪਾਰੀ ਵਰਗ ਵੀ ਹਾਜ਼ਰ ਸੀ।