ਡਿਪਟੀ ਕਮਿਸ਼ਨਰ ਵੱਲੋਂ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਉਣ ਵਾਲੀਆਂ ਜ਼ਿਲ੍ਹੇ ਦੀਆਂ 10 ਮਹਿਲਾ ਬੀ.ਐਲ.ਓ. ਦਾ ਸਨਮਾਨ

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਆਪਣੀਆਂ ਡਿਊਟੀਆਂ ਇਮਾਨਦਾਰੀ, ਲਗਨ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਵਾਲੀਆਂ 10 ਮਹਿਲਾ ਬੂਥ ਲੈਵਲ ਅਫਸਰਾਂ (ਬੀ.ਐਲ.ਓ.) ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਚੋਣ ਪ੍ਰਕਿਰਿਆ ਵਿੱਚ ਨਿਭਾਈਆਂ ਗਈਆਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਦੀ ਸਰਾਹਨਾ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਹੀ ਅਤੇ ਅਪਡੇਟ ਵੋਟਰ ਸੂਚੀ ਬਹੁਤ ਮਹੱਤਵਪੂਰਨ ਹੁੰਦੀ ਹੈ, ਜਿਸ ਵਿੱਚ ਬੀ.ਐਲ.ਓ. ਦੀ ਭੂਮਿਕਾ ਕੇਂਦਰੀ ਮਹੱਤਵ ਰੱਖਦੀ ਹੈ। ਉਨ੍ਹਾਂ ਬੀ.ਐਲ.ਓਜ ਨੂੰ ਚੋਣ ਪ੍ਰਕਿਰਿਆ ਦਾ ਅਹਿਮ ਧੁਰਾ ਆਖਦਿਆਂ ਕਿਹਾ ਕਿ ਮਹਿਲਾ ਬੀ.ਐਲ.ਓ. ਘਰ-ਘਰ ਜਾ ਕੇ ਯੋਗ ਵੋਟਰਾਂ ਦੀ ਸਨਾਖਤ ਕਰਦੀਆਂ ਹਨ ਅਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਸੋਧ ਕਰਕੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਹਨ।


ਡਿਪਟੀ ਕਮਿਸ਼ਨਰ ਨੇ ਮਹਿਲਾ ਬੀ.ਐਲ.ਓ. ਵੱਲੋਂ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਮਰਪਿਤ ਕਾਰਗੁਜ਼ਾਰੀ ਹੋਰ ਕਰਮਚਾਰੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਡਿਪਟੀ ਕਮਿਸ਼ਨਰ ਨੇ ਸਨਮਾਨਿਤ ਕੀਤੀਆਂ ਮਹਿਲਾ ਬੀ.ਐਲ.ਓ. ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਡਿਊਟੀ ਦੌਰਾਨ ਆਈਆ ਔਕੜਾ ਬਾਰੇ ਜਾਣਕਾਰੀ ਲਈ।
ਡਿਪਟੀ ਕਮਿਸ਼ਨਰ ਨੇ ਸਨਮਾਨਿਤ ਕੀਤੀਆਂ ਮਹਿਲਾ ਬੀ.ਐਲ.ਓ. ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਿਸ਼ਠਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਕੁਲਦੀਪ ਕੌਰ, ਪਰਵਿੰਦਰ ਕੌਰ, ਚਰਨਜੀਤ ਕੌਰ, ਨਰਿੰਦਰ ਕੌਰ, ਸਵੀਟੀ ਰਾਣੀ, ਹਰਜੀਤ ਕੌਰ, ਕੋਮਲ ਆਸਥਾ, ਰਵਿੰਦਰ ਕੌਰ, ਗਗਨਦੀਪ ਕੋਰ, ਨੀਲਮ ਰਾਣੀ ਬੀ.ਐਲ.ਓਜ਼ ਤੋਂ ਇਲਾਵਾ ਚੋਣ ਅਮਲੇ ਤੋਂ ਕੁਲਵਿੰਦਰ ਕੌਰ ਚੋਣ ਕਾਨੰਗੋ, ਗੁਰਵਿੰਦਰ ਸਿੰਘ, ਸੰਨਪ੍ਰੀਤ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *