15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ, ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਡਾ.ਸੋਨਾ ਥਿੰਦ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਜਦਕਿ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਸੁਤੰਤਰਤਾ ਸੰਗਰਾਮੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਇਕਲ, ਵੀਲ੍ਹ ਚੇਅਰ ਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਸਮਾਗਮ ਵਿੱਚ ਆਉਣ ਵਾਲੇ ਮਹਿਮਾਨਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸੁਤੰਤਰਤਾ ਦਿਵਸ ਨੂੰ ਪੂਰੇ ਉਤਸ਼ਾਹ, ਗੌਰਵ ਅਤੇ ਸ਼ਾਨ ਨਾਲ ਮਨਾਇਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ)ਅਮਰਬੀਰ ਕੌਰ ਭੁੱਲਰ,ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਸ੍ਰੀ ਕਰੁਣ ਗੁਪਤਾ, ਐਸ.ਡੀ.ਐਮ.ਖਮਾਣੋਂ ਸ੍ਰੀ ਅਰਵਿੰਦ ਕੁਮਾਰ ਗੁਪਤਾ, ਐਸ ਪੀ ਸ੍ਰੀਮਤੀ ਹਰਵੰਤ ਕੌਰ, ਡੀ.ਆਰ.ਓ. ਕਰਮਜੋਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ।