ਖਰੀਫ ਸੀਜਨ 2025-26 ਦੌਰਾਨ ਜਿਲ੍ਹੇ ਵਿਚ ਝੋਨੇ ਦੀ ਸਰਕਾਰੀ ਖਰੀਦ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਜਾਣਕਾਰੀ ਲੈਣ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਖਰੀਦ ਏਜੰਸੀਆਂ, ਮਾਰਕੀਟ ਕਮੇਟੀਆਂ ਅਤੇ ਆੜ੍ਹਤੀਆਂ ਐਸੋਸੀਏਸ਼ਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰ ਹੋਏ ਆੜ੍ਹਤੀਆਂ ਐਸੋਸੀਏਸ਼ਨਾਂ ਦੇ ਨੁੰਮਾਇਦਿਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ, ਜਿੰਨਾਂ ਵਿੱਚ ਮੁੱਖ ਤੌਰ ਤੇ ਅਨਾਜ ਵਿੱਚ ਜਿਆਦਾ ਨਮੀ ਦੀ ਮਾਤਰਾ ਦਾ ਹੋਣਾ ਹੈ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਮੰਡੀ ਵਿਚ ਝੋਨੇ ਵਿਚ ਨਮੀ ਦੀ ਮਾਤਰਾ 17 ਫੀਸਦੀ ਤੋਂ ਜ਼ਿਆਦਾ ਹੋਣ ਕਾਰਨ ਉਸਨੂੰ ਸੁਕਾਉਣ ਲਈ ਜਗ੍ਹਾ ਦੀ ਲੋੜ ਪੈਂਦੀ ਹੈ ਜਿਸ ਕਾਰਨ ਕਿਸਾਨ ਨੂੰ ਆਪਣੀ ਜੀਨਸ ਵੇਚਣ ਲਈ ਮੰਡੀ ਵਿਚ ਜਿਆਦਾ ਸਮੇਂ ਲਈ ਇੰਤਜਾਰ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਹੋਰਨਾ ਕਿਸਾਨਾਂ ਨੂੰ ਝੋਨਾ ਲਾਉਣ ਦੀ ਜਗ੍ਹਾ ਨਹੀਂ ਮਿਲਦੀ ਅਤੇ ਮੰਡੀ ਵਿੱਚ ਗਲੱਟ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ।

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ 63 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਨੂੰ ਮੰਡੀਆਂ ਵਿਚ ਝੋਨੇ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧ ਯਕੀਨੀ ਬਣਾਏ ਜਾਣ ਦੀ ਹਦਾਇਤ ਕੀਤੀ। ਉਨ੍ਹਾਂ ਸਮੂਹ ਆੜਤੀਆ ਐਸੋਸੀਏਸ਼ਨਾਂ ਦੇ ਨੁੰਮਾਇਦਿਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ ਲਈ ਪ੍ਰੇਰਿਤ ਕਰਨ ਤਾਂ ਜੋ ਝੋਨੇ ਦੀ ਖਰੀਦ ਉਪਰੰਤ ਇਸ ਦੀ ਲਿਫਟਿੰਗ ਸਮੇਂ ਸਿਰ ਹੋ ਸਕੇ। ਉਨ੍ਹਾਂ ਕਿਹਾ ਕਿ ਵੱਖ ਵੱਖ ਪਿੰਡਾਂ ਵਿੱਚ ਧਾਰਮਿਕ ਸਥਾਨਾਂ ਦੇ ਸਪੀਕਰਾਂ ਅਤੇ ਹੋਰ ਪਬਲਿਕ ਸੰਚਾਰ ਦੇ ਸਾਧਨਾਂ ਰਾਹੀਂ ਵੀ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਪ੍ਰਤੀ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਹੀ ਕਰਨ ਤਾਂ ਜੋ ਮੰਡੀਆਂ ਵਿਚ ਸਹੀਂ ਨਮੀ ਵਾਲਾ ਝੋਨੇ ਦੀ ਆਮਦ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਵੰਦਨਾ ਕੰਬੋਜ ਅਤੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀ ਵੀ ਹਾਜਰ ਸਨ।
