ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਅਧੀਨ ਪੈਂਦੀਆਂ ਦਾਣਾ ਮੰਡੀਆਂ ਘੁੜਿਆਣਾ, ਡੱਬਵਾਲਾ ਕਲਾਂ, ਟਾਹਲੀਵਾਲਾ ਜੱਟਾ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਵਿਚ ਪਹੁੰਚ ਰਹੀ ਕਣਕ ਦੀ ਆਮਦ, ਖਰੀਦ ਪ੍ਰਕਿਰਿਆ, ਲਿਫਟਿੰਗ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਲਈ ਕੀਤੇ ਗਏ ਬੁਨਿਆਦੀ ਪ੍ਰਬੰਧਾਂ ਜਿਵੇਂ ਕਿ ਪੀਣ ਵਾਲਾ ਪਾਣੀ, ਸਾਫ਼-ਸਫ਼ਾਈ, ਛਾਂ ਅਤੇ ਸ਼ੌਚਾਲਿਆਂ ਆਦਿ ਦੇ ਪ੍ਰਬੰਧਾਂ ਦੀ ਜਾਂਚ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਕਣਕ ਦੀ ਖਰੀਦ ਬਿਨਾਂ ਕਿਸੇ ਦੇਰੀ ਤੋਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਪੂਰੀ ਤਰ੍ਹਾਂ ਪਕਾ ਕੇ ਲਿਆਉਣ ਤਾਂ ਜੋ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਐੱਸ.ਡੀ.ਐੱਮ ਫਾਜ਼ਿਲਕਾ ਜੁਗਰਾਜ ਸਿੰਘ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
