ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦੇਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਖਰੀਦ ਪ੍ਰਬੰਧਾਂ, ਝੋਨੇ ਦੀ ਲਿਫਟਿੰਗ ਅਤੇ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਮੰਡੀਆਂ ਵਿੱਚ ਪਾਣੀ ਭਰਨ ਅਤੇ ਹੋਰ ਮੁਸ਼ਕਲਾਂ ਦੇ ਚਲਦਿਆਂ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਕਿਰਿਆ ਪ੍ਰਭਾਵਿਤ ਹੋਈ ਸੀ। ਇਸ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਆਮ ਵਾਂਗ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹੁਣ ਮੰਡੀ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਮੁੜ ਸੁਚਾਰੂ ਢੰਗ ਨਾਲ ਸ਼ੁਰੂ ਹੋ ਗਿਆ ਹੈ।
ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਸਫ਼ਾਈ, ਪਾਣੀ ਦੀ ਨਿਕਾਸੀ ਅਤੇ ਝੋਨੇ ਦੀ ਸਮੇਂ ਸਿਰ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਹੋਰ ਵਰਗਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਸੁੱਕੀ ਫ਼ਸਲ ਲੈ ਕੇ ਆਉਣ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।